ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੰਮ੍ਰਿਤਸਰ ਵਿਖੇ ਕਿਸਾਨਾਂ 'ਤੇ ਲਾਠੀਚਾਰਜ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 24 ਮਾਰਚ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨ ਮਜ਼ਦੂਰ ਮੋਰਚੇ ਦੇ ਅੰਮ੍ਰਿਤਸਰ ਵਿਖੇ ਚੱਲ ਰਹੇ ਧਰਨੇ ਨੂੰ ਪੁਲਿਸ ਦੇ ਜ਼ੋਰ ਤੇ ਜਬਰੀ ਖਦੇੜਨ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗ੍ਰਿਫਤਾਰ ਕੀਤੇ ਸਮੂਹ ਆਗੂ ਰਿਹਾ ਅਤੇ ਧਰਨੇ ਦਾ ਜਮਹੂਰੀ ਹੱਕ ਬਹਾਲ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ
ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਮੰਗਣ ਲਈ ਚੋਣ ਰੈਲੀਆਂ ਵਿੱਚ ਭਾਸ਼ਣ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰ ਸੱਥਾਂ ਵਿੱਚ ਚੱਲਿਆ ਕਰੂਗੀ ਅਤੇ ਲੋਕਾਂ ਦੇ ਮਸਲੇ ਇੱਥੇ ਹੀ ਹੱਲ ਕਰਨ ਦਿੱਤੇ ਜਾਣਗੇ ਤੇ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ।
ਉਹਨਾਂ ਕਿਹਾ ਕਿ ਸਰਕਾਰ ਨੇ ਮਸਲੇ ਤਾਂ ਕੀ ਹੱਲ ਕਰਨੇ ਸੀ ਕਿਸਾਨ ਆਗੂਆਂ ਨਾਲ ਬਾਰ ਬਾਰ ਮੀਟਿੰਗਾਂ ਤੈਅ ਕਰਨ ਦੇ ਬਾਵਜੂਦ ਮੀਟਿੰਗਾਂ ਤੋਂ ਮੁੱਕਰ ਕੇ ਮਸਲੇ ਵਿਚਾਰਨ ਤੱਕ ਆਗੂਆਂ ਨਾਲ ਮੀਟਿੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਭੁਲੇਖਾ ਹੈ ਕਿ ਪੁਲਿਸ ਦੇ ਡੰਡੇ ਦੇ ਜ਼ੋਰ ਲਿਖਣ ਬੋਲਣ ਦੀ ਸੱਚ ਦੀ ਆਵਾਜ਼ ਨੂੰ ਦਬਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਜਬਰ ਵਿਰੁੱਧ ਕੱਲ੍ਹ 25 ਮਾਰਚ ਨੂੰ ਸੂਬੇ ਦੀ ਮੀਟਿੰਗ ਬੁਲਾ ਲਈ ਹੈ ਜਿਸ ਵਿੱਚ ਵਿਚਾਰ ਚਰਚਾ ਕਰਕੇ ਸਰਕਾਰ ਦੇ ਜਬਰ ਦਾ ਵਿਰੋਧ ਕਰਨ ਲਈ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।