ਬਰੈਗਨਮ ਬੀਜ਼ ਸਮਾਰਟ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਮਲਕੀਤ ਸਿੰਘ ਮਲਕਪੁਰ
ਲਾਲੜੂ 8 ਅਪ੍ਰੈਲ 2026: ਬਰੈਗਨਮ ਬੀਜ਼ ਸਮਾਰਟ ਸਕੂਲ ਲਾਲੜੂ ਮੰਡੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦੇ ਚੇਅਰਮੈਨ ਪ੍ਰੀਤਮ ਸਿੰਘ ਨੇ ਸ਼ਿਰਕਤ ਕੀਤੀ। ਬਰੈਗਨਮ ਸਕੂਲ ਦੀ ਪ੍ਰਿੰਸੀਪਲ ਨੀਲਮ ਬਖਸ਼ੀ ਅਤੇ ਕੁਆਰਡੀਨੇਟਰ ਕਮਲਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਸਾਂਝੀ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਭੰਗੜੇ ਦੀ ਪੇਸ਼ਕਾਰੀ ਦੇ ਰਹੇ ਵਿਦਿਆਰਥੀਆ ਨੇ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਇੱਕ ਥੀਮ ਰਾਹੀਂ ਸਿੱਖਿਆ ਦੀ ਮਹੱਤਤਾ ਅਤੇ ਜੀਵਨ ਵਿੱਚ ਇਸ ਦੇ ਪ੍ਰਭਾਵ ਨੂੰ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਹਾਸਰਸ ਐਕਟ ਵੀ ਪੇਸ਼ ਕੀਤੇ ਗਏ । ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਮੁੱਖ ਮਹਿਮਾਨਾਂ ਵੱਲੋਂ ਸਾਲ 2025-2026 ਦੀਆਂ ਪ੍ਰੀਖਿਆ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਅਵੱਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਐਮਡੀ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਅਤੇ ਪੜ੍ਹਾਈ ਦੋਵੇਂ ਹੀ ਜੀਵਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਸਮੇਤ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।