ਡਾਕਟਰ ਹਰਪ੍ਰਿਤਪਾਲ ਕੌਰ ਨੇ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਵਜੋਂ ਸੰਭਾਲਿਆ ਅਹੁਦਾ
ਅਸ਼ੋਕ ਵਰਮਾ
ਬਠਿੰਡਾ, 13 ਅਪ੍ਰੈਲ 2026 : ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਡਾ. ਹਰਪ੍ਰਿਤਪਾਲ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਾਜ਼ਿਲਕਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਡਾ. ਹਰਪ੍ਰਿਤਪਾਲ ਕੌਰ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਨਿਭਰਤਾ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਕਿਸਾਨਾਂ ਤੱਕ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੀਮਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਸਮੇਂ-ਸਿਰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਸਬੰਧੀ ਸਹੀ ਅਤੇ ਸੰਪੂਰਨ ਜਾਣਕਾਰੀ ਲਈ ਨਜ਼ਦੀਕੀ ਬਲਾਕ ਦਫ਼ਤਰਾਂ ਨਾਲ ਸੰਪਰਕ ਵਿੱਚ ਰਹਿਣ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝ ਬਣਾਈ ਰੱਖਣ ਨਾਲ ਕਿਸਾਨਾਂ ਨੂੰ ਵਧੀਆ ਸਲਾਹ ਅਤੇ ਮਦਦ ਮਿਲ ਸਕਦੀ ਹੈ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।