ਲੁਧਿਆਣਾ : 510 ਗ੍ਰਾਮ ਹੈਰੋਇਨ ਤੇ ਆਈਸ ਸਮੇਤ 4 ਜਣੇ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 13 ਅਪ੍ਰੈਲ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਰਾਇਮ ਬ੍ਰਾਂਚ ਲੁਧਿਆਣਾ ਨੇ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 510 ਗ੍ਰਾਮ ਹੈਰੋਇਨ, 06 ਗ੍ਰਾਮ ਆਈਸ (ਚਿੱਟਾ), 2 ਇਲੈਕਟ੍ਰਾਨਿਕ ਤਰਾਜੂ ਅਤੇ 5000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਕਮਿਸ਼ਨਰ ਸਵੱਪਨ ਸ਼ਰਮਾ (IPS) ਦੀ ਅਗਵਾਈ ਹੇਠ ਅਤੇ ਡੀ.ਸੀ.ਪੀ (ਇੰਨਵੈਸਟੀਗੇਸ਼ਨ) ਹਰਪਾਲ ਸਿੰਘ, ਏ.ਡੀ.ਸੀ.ਪੀ ਅਮਨਦੀਪ ਸਿੰਘ ਬਰਾੜ ਅਤੇ ਏ.ਸੀ.ਪੀ ਹਰਸ਼ਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਨਵਦੀਪ ਸਿੰਘ ਦੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ।
ਪੁਲਿਸ ਨੂੰ ਗੁਪਤ ਸੂਚਨਾ ਮਿਲਣ ‘ਤੇ ਸ਼ਿਮਲਾਪੁਰੀ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ, ਜਿੱਥੇ ਦੋਸ਼ੀ ਆਪਣੇ ਘਰ ਵਿੱਚ ਬੈਠ ਕੇ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਸਨ। ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਨਿਤਿਨ ਕੁਮਾਰ ਉਰਫ ਗੋਚਾ, ਅਮਿਤ ਕੁਮਾਰ, ਦਵਿੰਦਰ ਸਿੰਘ ਉਰਫ ਰੰਮੀ ਅਤੇ ਹਰਿੰਦਰ ਸਿੰਘ ਉਰਫ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸੰਬੰਧ ਵਿੱਚ ਥਾਣਾ ਡਾਬਾ ਲੁਧਿਆਣਾ ਵਿੱਚ NDPS ਐਕਟ ਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਬਰਾਮਦ ਨਸ਼ੇ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਨੈੱਟਵਰਕ ਬਾਰੇ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਇਸ ਪੁੱਛਗਿੱਛ ਨਾਲ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।