ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਨ 'ਤੇ ਭਾਜਪਾ ਨੇ ਕਾਂਗਰਸ ਨੂੰ ਘੇਰਿਆ
ਵਿਰੋਧੀ ਪਾਰਟੀਆਂ ਨੇ ਮਹਿਲਾ ਵਿਰੋਧੀ ਰਵਈਆ ਕੀਤਾ ਸਾਬਤ ਪਰ ਭਾਜਪਾ ਦੁਬਾਰਾ ਲੈ ਕੇ ਆਏਗੀ ਬਿਲ
ਰੋਹਿਤ ਗੁਪਤਾ
ਗੁਰਦਾਸਪੁਰ
ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦਾ ਵਿਰੋਧ ਕਰਨ ਨੂੰ ਲੈ ਕੇ ਭਾਜਪਾ ਵੱਲੋਂ ਲੋਕਾਂ ਨੂੰ ਕਾਂਗਰਸ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਹਰ ਜ਼ਿਲ੍ਹੇ ਵਿੱਚ ਪੱਤਰਕਾਰ ਸੰਮੇਲਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਾਂਗਰਸ ਦੀ ਔਰਤਾਂ ਪ੍ਰਤੀ ਸੋਚ ਦਾ ਪਤਾ ਲੱਗ ਸਕੇ। ਇਹ ਵਿਚਾਰ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਗੁਰਦਾਸਪੁਰ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਕਾਹਲੋਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਔਰਤਾਂ ਨੂੰ ਹਰ ਖੇਤਰ ਵਿੱਚ ਵੱਧ ਅਧਿਕਾਰ ਦੇਣ ਲਈ ਮਹਿਲਾ ਰਾਖਵਾਂਕਰਨ ਬਿੱਲ ਬਣਾਇਆ ਗਿਆ, ਪਰ ਕਾਂਗਰਸ ਪਾਰਟੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਇੱਕ ਔਰਤ ਹੀ ਜਨਮ ਦਿੰਦੀ ਹੈ ਅਤੇ ਸਮਾਜ ਵਿੱਚ ਚੱਲਣ ਦੇ ਯੋਗ ਬਣਾਉਂਦੀ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਔਰਤਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਨਾ ਮਿਲਣ ਵਾਲਾ ਹੱਕ ਦਿਵਾਉਣ ਲਈ ਮਹਿਲਾ ਰਾਖਵਾਂਕਰਨ ਬਿੱਲ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੀ ਆਬਾਦੀ 140 ਕਰੋੜ ਹੈ, ਜਿਸ ਵਿੱਚੋਂ ਔਰਤਾਂ ਦੀ ਗਿਣਤੀ ਕਰੀਬ 75 ਕਰੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਨਾਅਰਾ ਲਗਾਇਆ ਸੀ ਅਤੇ ਉਸੇ ਨੂੰ ਅੱਗੇ ਵਧਾਉਂਦੇ ਹੋਏ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਗਿਆ, ਜਿਸ ਦਾ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਔਰਤਾਂ ਨੂੰ ਪ੍ਰਤੀਨਿਧਤਾ ਮਿਲੀ ਹੈ, ਉੱਥੇ ਭ੍ਰਿਸ਼ਟਾਚਾਰ 'ਤੇ ਰੋਕ ਲੱਗੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੋਚ ਔਰਤਾਂ ਨੂੰ ਮਜ਼ਬੂਤ ਕਰਨ ਦੀ ਹੈ ਅਤੇ ਇਸ 'ਤੇ ਖਰੇ ਉਤਰਦਿਆਂ ਇਸ ਬਿੱਲ ਨੂੰ ਅੱਗੇ ਚੱਲ ਕੇ ਜ਼ਰੂਰ ਪਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇਸ ਬਿੱਲ ਦਾ ਵਿਰੋਧ ਕਰਨਾ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਭਾਜਪਾ ਆਗੂ ਰੇਣੂ ਕਸ਼ਯਪ ਨੇ ਕਿਹਾ ਕਿ ਭਾਜਪਾ ਵੱਲੋਂ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਲਈ ਜੋ ਬਿੱਲ ਪਾਸ ਕੀਤਾ ਗਿਆ, ਉਸ ਦਾ ਸਾਰਿਆਂ ਨੂੰ ਸਮਰਥਨ ਕਰਨਾ ਚਾਹੀਦਾ ਸੀ, ਪਰ ਕਾਂਗਰਸ ਪਾਰਟੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਸ ਦਾ ਵਿਰੋਧ ਕਰਕੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਵੋਟ ਦਿੰਦੀਆਂ ਹਨ ਤਾਂ ਉਨ੍ਹਾਂ ਨੂੰ ਵੋਟ ਲੈ ਕੇ ਪ੍ਰਤੀਨਿਧਤਾ ਹਾਸਲ ਕਰਨ ਦਾ ਵੀ ਅਧਿਕਾਰ ਮਿਲਣਾ ਚਾਹੀਦਾ ਹੈ।