ਚਿੱਟੇ ਦੇ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਭਾਜਪਾ ਵੱਲੋਂ ਸਰਕਾਰ ਦੀ ਘੇਰਾਬੰਦੀ
‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਦਾਅਵਾ, ਜ਼ਮੀਨੀ ਹਕੀਕਤ ਡਰਾਉਣੀ : ਸਰੂਪ ਸਿੰਗਲਾ
ਅਸ਼ੋਕ ਵਰਮਾ
ਬਠਿੰਡਾ, 29 ਅਪ੍ਰੈਲ 2026 : ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਦੇ ਜੋਗੀ ਨਗਰ ਸਥਿਤ ਝੁੱਗੀ ਬਸਤੀ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ’ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਬੇਕਾਬੂ ਹੋ ਚੁੱਕਾ ਹੈ ਅਤੇ ਸਰਕਾਰ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ।ਸਿੰਗਲਾ ਨੇ ਕਿਹਾ ਕਿ ਸਰਕਾਰ ‘ਨਸ਼ਿਆਂ ਖ਼ਿਲਾਫ਼ ਜੰਗ’ ਵਰਗੇ ਵੱਡੇ-ਵੱਡੇ ਅਭਿਆਨ ਚਲਾਉਣ ਦੀ ਗੱਲ ਕਰਦੀ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਬਹੁਤ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਪ੍ਰਸ਼ਾਸਨਿਕ ਮਸ਼ੀਨਰੀ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਿਰਫ਼ ਬਠਿੰਡਾ ਵਿੱਚ ਹੀ ਅਪ੍ਰੈਲ ਮਹੀਨੇ ਦੌਰਾਨ ਨਸ਼ਿਆਂ ਕਾਰਨ ਕਈ ਨੌਜਵਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਚਿੱਟੇ ਵਰਗੇ ਘਾਤਕ ਨਸ਼ੇ ਨੇ ਹੁਣ ਘਰ-ਘਰ ਤੱਕ ਆਪਣੀ ਪਹੁੰਚ ਬਣਾ ਲਈ ਹੈ ਅਤੇ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਨਾਬਾਲਿਗ ਵੀ ਇਸ ਦੀ ਚਪੇਟ ਵਿੱਚ ਆ ਰਹੇ ਹਨ।ਭਾਜਪਾ ਨੇਤਾ ਨੇ ਜੋਗੀ ਨਗਰ ਦੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਿੱਥੇ ਇਹ ਮੌਤ ਹੋਈ, ਉਹ ਥਾਂ ਸਥਾਨਕ ਵਿਧਾਇਕ ਦੇ ਨਿਵਾਸ ਤੋਂ ਸਿਰਫ਼ ਡੇਢ ਸੌ ਕਦਮਾਂ ਦੀ ਦੂਰੀ ’ਤੇ ਹੈ। ਇਸ ਦੇ ਬਾਵਜੂਦ ਨਸ਼ਿਆਂ ਦਾ ਕਾਰੋਬਾਰ ਖੁੱਲ੍ਹੇਆਮ ਚੱਲਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਨੂੰ ਦਰਸਾਉਂਦਾ ਹੈ। ਸਿੰਗਲਾ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਸਖ਼ਤ ਕਦਮ ਚੁੱਕੇ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਜੜ ਤੋਂ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਾਰਵਾਈ ਕਰੇ, ਨਹੀਂ ਤਾਂ ਭਾਜਪਾ ਸੜਕਾਂ ’ਤੇ ਉਤਰ ਕੇ ਆੰਦੋਲਨ ਕਰਨ ਲਈ ਮਜਬੂਰ ਹੋਵੇਗੀ।