ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਹਲਕਾ ਵਾਰ ਕੀਤੀਆਂ ਜਾਣਗੀਆਂ ਵਿਸ਼ੇਸ਼ ਮੀਟਿੰਗਾਂ : DC ਬਠਿੰਡਾ
--ਡਿਪਟੀ ਕਮਿਸ਼ਨਰ ਨੇ ਕੀਤੀ ਵਪਾਰੀਆਂ ਨਾਲ ਹਫ਼ਤਾਵਰੀ ਬੈਠਕ
ਅਸ਼ੋਕ ਵਰਮਾ
ਬਠਿੰਡਾ, 4 ਮਈ 2026 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਣ ਵਾਲੀ ਹਫ਼ਤਾਵਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜਲਦ ਹੀ ਹਲਕਾ ਵਾਰ ਵਿਸ਼ੇਸ਼ ਬੈਠਕਾਂ ਸ਼ੁਰੂ ਕੀਤੀਆਂ ਜਾਣਗੀਆਂ।
ਹਰ ਹਫ਼ਤੇ ਡਿਪਟੀ ਕਮਿਸ਼ਨਰ ਵੱਲੋਂ ਸੋਮਵਾਰ ਨੂੰ ਅਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਵੀਰਵਾਰ ਨੂੰ ਵਪਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ। ਇਨ੍ਹਾਂ ਬੈਠਕਾਂ 'ਚ ਵਪਾਰੀਆਂ ਸਬੰਧੀ ਮੁੱਦਿਆਂ ਉੱਤੇ ਚਰਚਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਸਬੰਧੀ ਕੰਮ ਕੀਤਾ ਜਾਂਦਾ ਹੈ ।
ਡਿਪਟੀ ਕਮਿਸ਼ਨਰ ਨੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਵੀ ਸਬੰਧਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਖੇ ਆਪਣੀ ਰੇਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਦਾ ਡਾਟਾ ਲੋੜ ਅਨੁਸਾਰ ਸਰਕਾਰ ਨੂੰ ਭੇਜਿਆ ਜਾ ਸਕੇ । ਉਨ੍ਹਾਂ ਸਾਰੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਮ ਕਰਨ ਤਾਂ ਜੋ ਵਪਾਰ ਦੇ ਨਾਲ-ਨਾਲ ਆਮ ਲੋਕਾਂ ਨੂੰ ਸੁੱਖ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀਮਤੀ ਵੀਰਪਾਲ ਕੌਰ, ਉਪ ਮੰਡਲ ਮੈਜਿਸਟ੍ਰੇਟ ਮੌੜ ਸ. ਗੁਰਜਿੰਦਰ ਸਿੰਘ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਚੇਅਰਮੈਨ ਮਾਲਵਾ ਵੈਸਟ ਡਾ. ਤਰਸੇਮ ਗਰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।