ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 8 ਮਈ 2026 : ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 09 ਅਤੇ 10 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ ਗਈ।ਇਸ ਸਮੇਂ ਹ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਹਰਦੀਪ ਤੱਗੜ ,ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ।
ਉਹਨਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ "ਮੋਰਚੇ" ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 09 ਅਤੇ 10 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਦੋ ਰੋਜ਼ਾ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਜਾਵੇਗਾ,ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ !