DC ਮਾਨਸਾ ਨਵਜੋਤ ਕੌਰ ਦੀ ਮੌਜੂਦਗੀ ਵਿੱਚ ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਮੁਕੰਮਲ
ਪੀਆਰਓ, ਏਪੀਆਰਓ ਅਤੇ ਪੋਲਿੰਗ ਅਫਸਰਾਂ ਦੀ ਕੀਤੀ ਗਈ ਚੋਣ
ਅਸ਼ੋਕ ਵਰਮਾ
ਮਾਨਸਾ, 14 ਮਈ 2026 :ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਦੀ ਨਿਗਰਾਨੀ ਵਿੱਚ, ਚੋਣ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਰੱਖਣ ਲਈ ਰੈਂਡਮਾਈਜ਼ੇਸ਼ਨ ਦਾ ਪਹਿਲਾ ਪੜਾਅ ਅੱਜ ਪੂਰਾ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਲਈ ਲੋੜੀਂਦੀ ਗਿਣਤੀ ਵਿੱਚ ਪੀਆਰਓ, ਏਪੀਆਰਓ ਤੇ ਪੋਲਿੰਗ ਅਫਸਰਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਪਰ ਕਿਸੇ ਵੀ ਹੰਗਾਮੀ ਸਥਿਤੀ ਜਾਂ ਰਾਖਵੇਂ ਸਟਾਫ਼ ਦੇ ਪ੍ਰਬੰਧ ਵਜੋਂ ਪ੍ਰਸ਼ਾਸਨ ਵੱਲੋਂ ਵਧੇਰੇ ਕਰਮਚਾਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਤਾਂ ਕਿ ਲੋੜ ਪੈਣ ਉੱਤੇ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਲੋਕਤੰਤਰ ਦੇ ਇਸ ਤਿਉਹਾਰ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ, ਜ਼ਿਲ੍ਹਾ ਸੂਚਨਾ ਅਫ਼ਸਰ ਰਵੀਨਾ ਵੀ ਹਾਜ਼ਰ ਸਨ।