ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਕੁਲਜੀਤ ਸਿੰਘ ਨਾਗਰਾ ਅਤੇ ਸਾਥੀ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 22 ਮਈ 2026 : ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿੱਚ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਵਾਰਡ ਨੰਬਰ 23 ਵਿਖੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਮੱਖਣ ਸਹੋਤਾ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਮੱਖਣ ਸਹੋਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਿਰੋਪੇ ਪਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਕਾਂਗਰਸ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਹੋਰ ਪਾਰਟੀਆਂ ਦੇ ਆਗੂ ਵੀ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ
ਕਾਂਗਰਸ ਵਿੱਚ ਸ਼ਾਮਲ ਹੋਣ ਉਪਰੰਤ ਮੱਖਣ ਸਹੋਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ ਕਰਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਆਮ ਲੋਕਾਂ ਦੀ ਆਵਾਜ਼ ਬਣ ਕੇ ਉਭਰਨਾ ਸੀ, ਉਹ ਹੁਣ ਆਪਣੇ ਅਸਲ ਮਕਸਦ ਤੋਂ ਭਟਕ ਚੁੱਕੀ ਹੈ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ “ਆਮ ਆਦਮੀ ਪਾਰਟੀ” ਨਹੀਂ ਰਹੀ, ਸਗੋਂ “ਅਮੀਰ ਆਦਮੀ ਪਾਰਟੀ” ਬਣ ਗਈ ਹੈ। ਪਾਰਟੀ ਵਿੱਚ ਮਿਹਨਤੀ ਅਤੇ ਜ਼ਮੀਨੀ ਵਰਕਰਾਂ ਦੀ ਕੋਈ ਕਦਰ ਨਹੀਂ ਰਹੀ ਅਤੇ ਸਿਰਫ ਰਸੂਕਦਾਰ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਲੋਕਾਂ ਅਤੇ ਗਰੀਬ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹਨਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਹ ਵਰਕਰ, ਜਿਨ੍ਹਾਂ ਨੇ ਪਾਰਟੀ ਨੂੰ ਖੜ੍ਹਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ, ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਹੀ ਵਫ਼ਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਰਸੂਕਦਾਰ ਲੋਕਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਆਮ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਨਾਗਰਾ ਨੇ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਤੰਤਰਿਕ ਤਰੀਕੇ ਨਾਲ ਇਸ ਦਾ ਜਵਾਬ ਦਿੱਤਾ ਜਾਵੇਗਾ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ, ਗਰੀਬਾਂ ਅਤੇ ਮਜ਼ਦੂਰ ਵਰਗ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਉਨ੍ਹਾਂ ਦੀ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ
ਉਨ੍ਹਾਂ ਕਿਹਾ ਕਿ ਸਰਹਿੰਦ ਅਤੇ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਨੂੰ ਲਗਾਤਾਰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ। ਮੱਖਣ ਸਹੋਤਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਸਹਿਰ ਦੇ ਸਿਆਸੀ ਮਾਹੌਲ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਿਆਸੀ ਮਾਹਿਰਾਂ ਅਨੁਸਾਰ ਇਸ ਸਿਆਸੀ ਬਦਲਾਅ ਨਾਲ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲ ਸਕਦੀ ਹੈ, ਜਦਕਿ ਆਮ ਆਦਮੀ ਪਾਰਟੀ ਲਈ ਇਹ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਵਾਰਡ ਨੰਬਰ 23 ਤੋ ਕਾਂਗਰਸ ਦੀ ਉਮੀਦਵਾਰ ਰਮਨਦੀਪ ਕੌਰ, ਵਾਰਡ 20 ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕੈੜੇ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਪ੍ਰੀਤ ਸਿੰਘ ਗੋਲੂ,ਰਵਿੰਦਰ ਸਿੰਘ ਬਾਸੀ,ਦਵਿੰਦਰ ਸਿੰਘ,ਐਡ. ਅਨਿਲ ਗੁਪਤਾ,ਜਸਵੀਰ ਸਿੰਘ, ਰਣਦੀਪ ਸਿੰਘ ਸੋਢੀ,ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ, ਅਜਮੇਰ ਸਿੰਘ, ਪ੍ਰੀਤ ਜੋਤ ਸਿੰਘ,ਕੁਲਵਿੰਦਰ ਸਿੰਘ,ਗੁਰਲਾਲ ਸਿੰਘ ਲਾਲੀ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਕਾਂਗਰਸੀ ਵਰਕਰ ਸ਼ਾਮਿਲ ਸਨ