ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਬਾਹਰੋਂ ਆਏ ਲੋਕਾਂ ਨੂੰ ਆਪੋ ਆਪਣਾ ਇਲਾਕਾ ਛੱਡਣ ਦੇ ਹੁਕਮ
24 ਮਈ ਸ਼ਾਮ 5 ਵਜੇ ਚੋਣ ਪ੍ਰਚਾਰ ਹੋਵੇਗਾ ਬੰਦ
ਅਸ਼ੋਕ ਵਰਮਾ
ਮਾਨਸਾ, 23 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀਆਂ ਚੋਣਾਂ ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ, ਜਿਸ ਸਬੰਧੀ ਚੋਣ ਪ੍ਰਚਾਰ ਮਿਤੀ 24.05.2026 ਨੂੰ ਸ਼ਾਮ 05:00 ਵਜੇ ਤੋਂ ਬੰਦ ਹੋ ਜਾਵੇਗਾ।
ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਵਿਅਕਤੀ ਚੋਣ ਪ੍ਰਚਾਰ ਦੇ ਬੰਦ ਹੋਣ ਤੋਂ ਬਾਅਦ ਵੀ ਹਲਕੇ ਵਿੱਚ ਰਹਿਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਰਹਿੰਦੇ ਹਨ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀ ਹਦੂਦ ਅੰਦਰ ਜੋ ਵੀ ਵਿਅਕਤੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਬਾਹਰੋਂ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਹਨ ਉਹ ਮਿਤੀ 24.05.2026 ਨੂੰ ਸ਼ਾਮ 05:00 ਵਜੇ ਤੋ ਬਾਅਦ ਵਾਪਸ ਚਲੇ ਜਾਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ 05 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਕੋਈ ਵੀ ਚੋਣ ਰੈਲੀ ਤੇ ਪਬਲਿਕ ਮੀਟਿੰਗ ਕਰਨ ਦੀ ਮਨਾਹੀ ਹੈ।
ਵਧੀਕ ਜਿਲ੍ਹਾ ਮੈਜਿਸਟਰੇਟ ਮਾਨਸਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਬਾਹਰੋਂ ਆਏ ਰਾਜਨੀਤਿਕ ਪਾਰਟੀਆਂ ਦੇ ਵਿਅਕਤੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਿਤੀ 24.05.2026 ਨੂੰ ਸ਼ਾਮ 05.00 ਵਜੇ ਤੋਂ ਬਾਅਦ ਵਾਪਿਸ ਚਲੇ ਜਾਣ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਯਤ ਸਮੇਂ ਤੋਂ ਬਾਅਦ ਜੇਕਰ ਕੋਈ ਵੀ ਬਾਹਰਲਾ ਵਿਅਕਤੀ ਨਗਰ ਕੌਂਸਲ ਮਾਨਸਾ, ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਜੋਗਾ ਤੇ ਬੋਹਾ ਦੀ ਹਦੂਦ ਅੰਦਰ ਪਾਇਆ ਗਿਆ ਜਾਂ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਾ, 05 ਵਿਅਕਤੀਆਂ ਤੋਂ ਵੱਧ ਇੱਕਠੇ ਹੋਣਾ ਜਾਂ ਰੈਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ।