ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸੰਦਰਭ ਵਿੱਚ ਤੰਬਾਕੂ ਛੱਡਣ ਦੇ ਇੱਛੁਕ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨ ਦੀ ਸਹੁੰ ਚੁੱਕੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1 ਜੂਨ 2026
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਥੀਮ “ਆਕਰਸ਼ਣ ਦਾ ਪਰਦਾਫਾਸ਼ – ਨਿਕੋਟੀਨ ਅਤੇ ਤੰਬਾਕੂ ਦੀ ਲਤ ਦਾ ਮੁਕਾਬਲਾ ਕਰੋ” ਹੈ। ਇਹ ਥੀਮ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਵੱਲ ਆਕਰਸ਼ਿਤ ਕਰਨ ਲਈ ਅਪਣਾਈਆਂ ਜਾਂਦੀਆਂ ਭਰਮਾਉਣ ਵਾਲੀਆਂ ਅਤੇ ‘ਆਧੁਨਿਕ’ ਜਾਂ ‘ਕੂਲ’ ਦਿਖਾਈ ਜਾਣ ਵਾਲੀਆਂ ਮਾਰਕੀਟਿੰਗ ਰਣਨੀਤੀਆਂ ਨੂੰ ਬੇਨਕਾਬ ਕਰਨ ’ਤੇ ਕੇਂਦਰਿਤ ਹੈ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਤੰਬਾਕੂ ਉਦਯੋਗ ਨਵੇਂ-ਨਵੇਂ ਤਰੀਕਿਆਂ ਨਾਲ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦਾ ਹੈ।0 ਇਸ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਮਿਲ ਕੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਭਰਮਾਉਣ ਵਾਲੀਆਂ ਰਣਨੀਤੀਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਤੰਬਾਕੂ ਅਤੇ ਨਿਕੋਟੀਨ ਦੀ ਲਤ ਤੋਂ ਬਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਤੰਬਾਕੂ ਦੀ ਲਤ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਦੀ ਸੰਭਾਲ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ। ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ।
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਤੰਬਾਕੂ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਉਦਯੋਗ ਦੀ ਭਰਮਾਉਣ ਵਾਲੀ ਮਾਰਕੀਟਿੰਗ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲੋਕਾਂ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਤੰਬਾਕੂ ਛੱਡਣ ਦੇ ਇੱਛੁਕ ਵਿਅਕਤੀਆਂ ਦੀ ਹਰ ਸੰਭਵ ਮਦਦ ਕਰਨ ਦੀ ਸਹੁੰ ਵੀ ਚੁੱਕੀ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ,ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਕਮਲਜੀਤ ਕੌਰ, ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜ਼ਿਲ੍ਹਾ ਅਕਾਊਂਟ ਅਫ਼ਸਰ ਦੀਪਕ ਵਰਮਾ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।