ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ
ਮਨਪ੍ਰੀਤ ਸਿੰਘ
ਰੂਪਨਗਰ, 4 ਜੂਨ:
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੂਪਨਗਰ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਡੂਮੇਵਾਲ, ਬਲਾਕ ਨੂਰਪੁਰ ਬੇਦੀ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਮਿੱਟੀ ਵਿੱਚ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਡੀ.ਏ.ਪੀ. ਖਾਦ ਦਿੱਤੀ ਗਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਝੋਨੇ ਵਿੱਚ ਲੋਹੇ ਦੀ ਘਾਟ ਨੂੰ ਦੂਰ ਕਰਨ ਲਈ 0.5 ਫੀਸਦੀ ਫੈਰਸ ਸਲਫੇਟ ਦਾ ਘੋਲ ਤਿਆਰ ਕਰਕੇ ਪ੍ਰਤੀ ਏਕੜ 100 ਲੀਟਰ ਪਾਣੀ ਵਿੱਚ ਸ਼ਾਮ ਵੇਲੇ ਛਿੜਕਾਅ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਪੀ.ਐੱਮ.ਐੱਚ.-17 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਪੌਦਾ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿੱਚ ਵ੍ਹਾਈਟ ਬੈਕਡ ਪਲਾਂਟ ਹੌਪਰ (ਡਿੱਗੂ ਸੁੰਡੀ) ਦੀ ਨਿਯਮਿਤ ਨਿਗਰਾਨੀ ਕਰਨ ਅਤੇ ਲੋੜ ਪੈਣ ’ਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਕੀੜੇ ਦੀ ਸਮੇਂ ਸਿਰ ਰੋਕਥਾਮ ਨਾਲ ਝੋਨੇ ਵਿੱਚ ਮਧਰੇਪਨ ਵਰਗੇ ਵਿਸ਼ਾਣੂ ਰੋਗਾਂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਟਿੱਡੇ ਦੇ ਹਮਲੇ ਤੋਂ ਬਚਾਅ ਅਤੇ ਮੱਕੀ ਦੀ ਫਸਲ ਵਿੱਚ ਫਾਲ ਆਰਮੀਵਰਮ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ।
ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਦਾਬਹਾਰ ਫਲਦਾਰ ਬੂਟਿਆਂ ਵਿੱਚ ਖਾਦ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਪ੍ਰੋਗਰਾਮ ਦੇ ਅੰਤ ਵਿੱਚ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਮੌਕੇ ’ਤੇ ਹੀ ਉਨ੍ਹਾਂ ਦੀਆਂ ਖੇਤੀਬਾੜੀ ਸਬੰਧੀ ਸਮੱਸਿਆਵਾਂ ਦਾ ਹੱਲ ਕੀਤਾ ਗਿਆ।