ਕੱਲਰ ਵਾਲੀਆਂ ਜ਼ਮੀਨਾਂ ਸੁਧਾਰਨ ਲਈ ਕਿਸਾਨਾਂ ਨੂੰ ਜਿਪਸਮ ਦੀ ਵਰਤੋਂ ਕਰਨ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 4 ਜੂਨ 2026 :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਖੇਤੀਯੋਗ ਜ਼ਮੀਨਾਂ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਜੇਕਰ ਮਿੱਟੀ ਵਿੱਚ ਸੋਡੀਅਮ ਬਾਈਕਾਰਬੋਨੇਟ ਜਾਂ ਖਾਰਾਪਣ ਦੀ ਸਮੱਸਿਆ ਪਾਈ ਜਾਂਦੀ ਹੈ ਤਾਂ ਉਸ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ।
ਉਨ੍ਹਾਂ ਦੱਸਿਆ ਕਿ ਮਿੱਟੀ ਵਿੱਚ ਸੋਡੀਅਮ ਦੀ ਵੱਧ ਮਾਤਰਾ ਹੋਣ ਕਾਰਨ ਮਿੱਟੀ ਦੀ ਬਣਤਰ ਖਰਾਬ ਹੋ ਜਾਂਦੀ ਹੈ, ਪਾਣੀ ਦੇ ਰਿਸਾਅ ਵਿੱਚ ਰੁਕਾਵਟ ਪੈਂਦੀ ਹੈ ਅਤੇ ਫ਼ਸਲਾਂ ਦੀ ਪੈਦਾਵਾਰ ਉੱਤੇ ਮਾੜਾ ਅਸਰ ਪੈਂਦਾ ਹੈ। ਅਜਿਹੀ ਮਿੱਟੀ ਦੇ ਸੁਧਾਰ ਲਈ ਜਿਪਸਮ ਇੱਕ ਪ੍ਰਭਾਵਸ਼ਾਲੀ ਸਾਧਨ ਹੈ, ਜੋ ਮਿੱਟੀ ਵਿੱਚ ਮੌਜੂਦ ਵਾਧੂ ਸੋਡੀਅਮ ਨੂੰ ਘਟਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਿਹਤਰ ਬਣਾਉਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਪਸਮ 50 ਫ਼ੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਪਸਮ ਜ਼ਿਲ੍ਹਾ ਬਠਿੰਡਾ ਦੇ ਸਾਰੇ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹੈ। ਯੋਗ ਕਿਸਾਨ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਅਰਜ਼ੀ ਦੇ ਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਪਸਮ ਦੀ ਵਰਤੋਂ ਮਿੱਟੀ ਦੀ ਜਾਂਚ ਰਿਪੋਰਟ ਅਤੇ ਖੇਤੀਬਾੜੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਕੇ ਹੀ ਲੰਬੇ ਸਮੇਂ ਤੱਕ ਖੇਤੀ ਨੂੰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕਦਾ ਹੈ।
ਕਿਸੇ ਵੀ ਹੋਰ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।