ਵਿਸ਼ਵ ਖੂਨਦਾਨੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਾਏ
ਬਠਿੰਡਾ ਅਤੇ ਰਾਮਪੁਰਾ ਹਸਪਤਾਲ ਵਿਖੇ ਖੂਨਦਾਨ ਕੈਂਪ 14 ਜਨਵਰੀ ਨੂੰ
ਅਸ਼ੋਕ ਵਰਮਾ
ਬਠਿੰਡਾ, 13 ਜੂਨ 2026 :ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਖੂਨਦਾਨੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਜੂਨ ਤੋਂ 24 ਜੂਨ 2026 ਤੱਕ ਚਲਾਈ ਜਾ ਰਹੀ ਦੋ ਹਫ਼ਤਿਆਂ ਦੀ ਵਿਸ਼ੇਸ਼ ਖੂਨਦਾਨ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਖੂਨਦਾਨ ਕੈਂਪ ਲਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ 14 ਜੂਨ ਵਿਸ਼ਵ ਖੂਨਦਾਨੀ ਦਿਵਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਅਤੇ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਏ ਜਾਣਗੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ, ਧਾਰਮਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਓਹਨਾਂ ਕਿਹਾ ਕਿ ਇੱਕ ਯੂਨਿਟ ਖੂਨ ਤਿੰਨ ਕੀਮਤੀ ਜ਼ਿੰਦਗੀਆਂ ਬਚਾਉਣ ਵਿੱਚ ਸਹਾਈ ਹੋ ਸਕਦਾ ਹੈ ਅਤੇ ਸਵੈ-ਇੱਛਾ ਨਾਲ ਕੀਤਾ ਗਿਆ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਖੂਨਦਾਨੀ ਦਿਵਸ ਦਾ ਥੀਮ "ਮਨੁੱਖਤਾ ਦੀ ਇੱਕ ਬੂੰਦ , ਖੂਨ ਦਿਓ, ਜ਼ਿੰਦਗੀਆਂ ਬਚਾਓ" ਹੈ, ਜਿਸ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਨਿਯਮਿਤ ਅਤੇ ਸੁਰੱਖਿਅਤ ਖੂਨਦਾਨ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਮੁਹਿੰਮ ਦੌਰਾਨ ਖੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣ, ਨਿਯਮਿਤ ਖੂਨਦਾਨੀਆਂ ਨੂੰ ਸਨਮਾਨਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜ ਸੇਵਾ ਦੇ ਇਸ ਮਹਾਨ ਕਾਰਜ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਓਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤੰਦਰੁਸਤ ਹੋਣ ਦੀ ਸੂਰਤ ਵਿੱਚ ਖੂਨਦਾਨ ਜ਼ਰੂਰ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਜਾਣਕਾਰਾਂ ਨੂੰ ਵੀ ਇਸ ਪੁੰਨ ਦੇ ਕਾਰਜ ਲਈ ਪ੍ਰੇਰਿਤ ਕਰਨ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਸੁਰੱਖਿਅਤ ਖੂਨ ਉਪਲਬਧ ਕਰਵਾਇਆ ਜਾ ਸਕੇ।