ਸੀ.ਐੱਚ.ਸੀ. ਚਨਾਰਥਲ ਕਲਾਂ ਵਿਖੇ ਐਚ.ਪੀ.ਵੀ. (HPV) ਵੈਕਸੀਨ ਸਬੰਧੀ ਜਾਗਰੂਕਤਾ ਮੀਟਿੰਗ ਆਯੋਜਿਤ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 15 ਜੂਨ 2026:- ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਚਨਾਰਥਲ ਕਲਾਂ ਵਿਖੇ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਇੱਕ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਵੱਲੋਂ ਕੀਤੀ ਗਈ।ਇਸ ਮੀਟਿੰਗ ਵਿੱਚ ਬਲਾਕ ਐਲ.ਐੱਚ.ਵੀਜ਼ ਨੇ ਭਾਗ ਲਿਆ। ਡਾ. ਸੁਰਿੰਦਰ ਸਿੰਘ ਨੇ ਐਚ.ਪੀ.ਵੀ. ਵੈਕਸੀਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀ ਲੋਕਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਇਸ ਦੀ ਪਹੁੰਚ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ।ਇਸ ਮੌਕੇ ਬਲਾਕ ਐਲ.ਐੱਚ.ਵੀਜ਼ ਨੂੰ ਵੈਕਸੀਨ ਦੀ ਸੁਰੱਖਿਆ, ਪ੍ਰਭਾਵਸ਼ੀਲਤਾ ਅਤੇ ਟੀਕਾਕਰਨ ਸੰਬੰਧੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨਾਲ ਹੀ ਸਮਾਜ ਵਿੱਚ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ, ਮੀਟਿੰਗ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੂੰ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ ਬੀ.ਈ.ਈ, ਮਨਮੋਹਨ ਕੌਰ ਐਲ.ਐਚ.ਵੀ, ਅਨੀਤਾ ਰਾਣੀ, ਸੁਖਵਿੰਦਰ ਕੌਰ, ਗੁਰਮੀਤ ਕੌਰ, ਰਜਿੰਦਰ ਕੌਰ ਹਾਜ਼ਰ ਹੋਏ।