ਪਿੰਡ ਉੱਚਾ ਰਿਉਣਾ ਦੇ ਸਰਪੰਚ ਦਾ ਬੇਟਾ ਤਰਨਪ੍ਰੀਤ ਸਿੰਘ ਅਤੇ ਕਿਸਾਨ ਆਗੂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 16 ਜੂਨ 2026 : ਪਿੰਡ ਰਿਊਣਾ ਉੱਚਾ ਦੀ ਬਹਾਲ ਹੋਈ ਪੰਚਾਇਤ ਨੂੰ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਅਜੇ ਵੀ ਪ੍ਰਸ਼ਾਸਨਿਕ ਅਤੇ ਸਿਆਸੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਪੰਚਾਇਤ ਦੇ ਹੱਕ ਵਿੱਚ ਅਦਾਲਤੀ ਫੈਸਲਾ ਆਉਣ ਦੇ ਬਾਵਜੂਦ ਪੁਰਾਣਾ ਰਿਕਾਰਡ ਨਾ ਸੌਂਪੇ ਜਾਣ ਕਾਰਨ ਪਿੰਡ ਦੇ ਵਿਕਾਸ ਕਾਰਜ ਠੱਪ ਪਏ ਹਨ , ਇਸ ਮਾਮਲੇ ਨੂੰ ਲੈ ਕੇ ਪਿੰਡ ਦੇ ਪੰਚ,ਪਤਵੰਤੇ ਆਗੂਆਂ ਅਤੇ ਕਿਸਾਨਾਂ ਦਾ ਇੱਕ ਵਫ਼ਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮਿਲਣ ਲਈ ਪਹੁੰਚਿਆ ਅਤੇ ਤੁਰੰਤ ਦਖ਼ਲ ਦੀ ਮੰਗ ਕੀਤੀ , ਬੇਬੁਨਿਆਦ ਇਲਜ਼ਾਮਾਂ ਤਹਿਤ ਕੀਤੀ ਗਈ ਸੀ ਪੰਚਾਇਤ ਮੁਅੱਤਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਦੇ ਬੇਟੇ ਤਰਨਪ੍ਰੀਤ ਸਿੰਘ ਅਤੇ ਕਿਸਾਨ ਆਗੂ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਚੁਣੀ ਹੋਈ ਪੰਚਾਇਤ ਨੂੰ ਬੇਬੁਨਿਆਦ ਇਲਜ਼ਾਮਾਂ ਦੇ ਆਧਾਰ 'ਤੇ ਸਰਕਾਰੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਥਾਂ ਅਧਿਕਾਰਿਕ ਪੰਚ ਨਿਯੁਕਤ ਕਰ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਪਿੰਡ ਵਾਸੀਆਂ ਵਿੱਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਸੀ
ਉਨ੍ਹਾਂ ਦੱਸਿਆ ਕਿ ਪੰਚਾਇਤ ਮੈਂਬਰਾਂ ਨੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਅਜੀਤ ਬਾਲਾ ਜੀ ਜੋਸ਼ੀ ਦੀ ਅਦਾਲਤ ਵਿੱਚ ਚੁਣੌਤੀ ਦਿੱਤੀ , ਸਾਰੇ ਦਸਤਾਵੇਜ਼ਾਂ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਪੰਚਾਇਤ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਉਸ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ
ਆਗੂਆਂ ਨੇ ਦੋਸ਼ ਲਗਾਇਆ ਕਿ ਬਹਾਲੀ ਦੇ ਹੁਕਮਾਂ ਦੇ ਬਾਵਜੂਦ ਪੰਚਾਇਤ ਨੂੰ ਅਜੇ ਤੱਕ ਪੁਰਾਣਾ ਰਿਕਾਰਡ ਨਹੀਂ ਦਿੱਤਾ ਗਿਆ , ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਪਾਰਟੀ ਨਾਲ ਸਬੰਧਤ ਆਗੂ ਜਾਣਬੁੱਝ ਕੇ ਪੰਚਾਇਤ ਨੂੰ ਖੱਜਲ-ਖੁਆਰ ਕਰ ਰਹੇ ਹਨ ਤਾਂ ਜੋ ਉਹ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਨਾ ਕਰ ਸਕੇ
ਤਰਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਡੀਡੀਪੀਓ, ਪੰਚਾਇਤ ਅਫਸਰ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਕਈ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਸੌਂਪੇ ਗਏ ਹਨ, ਪਰ ਅਜੇ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਹੋਈ , ਉਨ੍ਹਾਂ ਕਿਹਾ ਕਿ ਇਸੇ ਕਾਰਨ ਉਹ ਹੁਣ ਡਿਪਟੀ ਕਮਿਸ਼ਨਰ ਕੋਲ ਇਨਸਾਫ਼ ਦੀ ਉਮੀਦ ਲੈ ਕੇ ਪਹੁੰਚੇ ਹਨ , ਉਨ੍ਹਾਂ ਦੱਸਿਆ ਕਿ ਪੁਰਾਣਾ ਰਿਕਾਰਡ ਨਾ ਮਿਲਣ ਕਾਰਨ ਪੰਚਾਇਤ ਕਈ ਮਹੱਤਵਪੂਰਨ ਫੈਸਲੇ ਨਹੀਂ ਲੈ ਸਕਦੀ। ਪਿੰਡ ਦੀਆਂ ਸੜਕਾਂ, ਨਾਲੀਆਂ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਕਾਰਨ ਪਿੰਡ ਦੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਅਜੇ ਤੱਕ ਨਹੀਂ ਕਰਵਾਈ ਗਈ, ਜਿਸ ਕਾਰਨ ਜ਼ਮੀਨ ਠੇਕੇ 'ਤੇ ਲੈਣ ਵਾਲੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਸਮੇਂ ਸਿਰ ਜ਼ਮੀਨ ਨਾ ਮਿਲਣ ਕਾਰਨ ਫਸਲਾਂ ਦੀ ਬਿਜਾਈ ਵਿੱਚ ਦੇਰੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ 'ਤੇ ਪੈ ਸਕਦਾ ਹੈ। ਉਹਨਾਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਤੋਂ ਮਿਲਣ ਵਾਲੀ ਆਮਦਨ ਪਿੰਡ ਦੇ ਵਿਕਾਸ ਕਾਰਜਾਂ ਲਈ ਇੱਕ ਮਹੱਤਵਪੂਰਨ ਸਰੋਤ ਹੁੰਦੀ ਹੈ। ਬੋਲੀ ਨਾ ਹੋਣ ਕਾਰਨ ਨਾ ਸਿਰਫ਼ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ, ਸਗੋਂ ਪਿੰਡ ਦੇ ਵਿਕਾਸ ਲਈ ਲੋੜੀਂਦੇ ਫੰਡ ਵੀ ਇਕੱਠੇ ਨਹੀਂ ਹੋ ਰਹੀ , ਪਿੰਡ ਦੇ ਆਗੂਆਂ ਅਤੇ ਕਿਸਾਨਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੋਂ ਮੰਗ ਕੀਤੀ ਕਿ ਬਹਾਲ ਹੋਈ ਪੰਚਾਇਤ ਨੂੰ ਤੁਰੰਤ ਪੁਰਾਣਾ ਰਿਕਾਰਡ ਸੌਂਪਿਆ ਜਾਵੇ, ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ ਜਾਵੇ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ , ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਪਿੰਡ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਚਾਇਤ ਨੂੰ ਉਸ ਦੇ ਕਾਨੂੰਨੀ ਅਧਿਕਾਰ ਦਿਵਾਏਗਾ ਅਤੇ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਮਿਲੇਗੀ, ਜਿਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਵੀ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚ ਬੂਟਾ ਸਿੰਘ, ਪੰਚ ਪ੍ਰਿਤਪਾਲ ਸਿੰਘ, ਪੰਚ ਰਾਜਵੀਰ ਸਿੰਘ, ਪੰਚ ਚੰਦਰ ਪ੍ਰਭਾ, ਗੁਰਜਿੰਦਰ ਸਿੰਘ ਆਦੀ ਪਿੰਡ ਦੇ ਪਤਵੰਤੇ ਲੋਕ ਵੀ ਮੌਜੂਦ ਸਨ