ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਗਾਜ਼
ਰੋਹਿਤ ਗੁਪਤਾ
ਗੁਰਦਾਸਪੁਰ, 22 ਜੂਨ
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਚਲਾਏ ਜਾ ਰਹੇ "ਨਸ਼ਾ ਮੁਕਤ ਭਾਰਤ ਅਭਿਆਨ-ਵਿਕਸਿਤ ਭਾਰਤ ਦੀ ਪਛਾਣ" ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਸ਼੍ਰੀਮਤੀ ਕਿਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਨਿਲ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਡਾਇਟ (DIET) ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੋਟਰਸਾਈਕਲ ਅਤੇ ਸਕੂਟਰ ਰੈਲੀ ਕੱਢੀ ਗਈ, ਜਿਸ ਨੂੰ ਡਾਇਟ ਗੁਰਦਾਸਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਨਰੇਸ਼ ਕੁਮਾਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਅਤੇ ਅਸਲ ਰਾਸ਼ਟਰ ਨਿਰਮਾਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿ ਕੇ ਹੀ ਸਿਹਤਮੰਦ, ਅਨੁਸ਼ਾਸਿਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ 17 ਜੂਨ ਤੋਂ 26 ਜੂਨ ਤੱਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਆਨਲਾਈਨ ਮਾਸ ਪਲੇਜ (ਸੰਕਲਪ) ਮੁਹਿੰਮ ਰਾਹੀਂ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਹਾਇਕ ਕਾਊਂਸਲਰ ਹਰਦੀਪ ਸਿੰਘ ਸੈਣੀ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
ਸਮਾਗਮ ਦੌਰਾਨ ਡਾਇਟ ਗੁਰਦਾਸਪੁਰ ਦੇ ਫੈਕਲਟੀ ਮੈਂਬਰ ਸ਼੍ਰੀ ਨਰੇਸ਼ ਕੁਮਾਰ, ਸ਼੍ਰੀਮਤੀ ਤਰੁਣਜੋਤ ਕੌਰ, ਸ਼੍ਰੀ ਸ਼ਸ਼ੀ ਭੂਸ਼ਣ, ਸ਼੍ਰੀਮਤੀ ਵੰਦਨਾ ਗੁਪਤਾ, ਸ਼੍ਰੀ ਪੰਕਜ ਸ਼ਰਮਾ ਅਤੇ ਸ਼੍ਰੀਮਤੀ ਸਰਿਤਾ ਗੁਪਤਾ ਨੇ ਸਰਗਰਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਯੋਗਾ ਅਧਿਆਪਕਾ ਸੁਸ਼ਰੀ ਰਜਨੀ ਅਤੇ ਸੁਸ਼ਰੀ ਅਨੁਰਾਧਾ ਦੇ ਨਾਲ-ਨਾਲ ਮੇਰਾ ਯੁਵਾ ਭਾਰਤ (MY Bharat) ਦੀ ਨੁਮਾਇੰਦਾ ਮਨਪ੍ਰੀਤ ਕੌਰ ਨੇ ਵੀ ਇਸ ਜਾਗਰੂਕਤਾ ਮੁਹਿੰਮ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਦੇ ਅੰਤ ਵਿੱਚ ਸਮੂਹ ਭਾਗੀਦਾਰਾਂ ਵੱਲੋਂ ਇਹ ਅਹਿਦ ਦੁਹਰਾਇਆ ਗਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ "ਵਿਕਸਿਤ ਭਾਰਤ ਦੀ ਪਛਾਣ- ਨਸ਼ਾ ਮੁਕਤ ਭਾਰਤ ਅਭਿਆਨ" ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਜਾਰੀ ਰੱਖੇ ਜਾਣਗੇ।