ਮੇਰੀ ਰਸੋਈ ਯੋਜਨਾ ਤਹਿਤ ਪਿੰਡ ਜੋਧਪੁਰ ਰੋਮਾਣਾ ਵਿਖੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ
ਅਸ਼ੋਕ ਵਰਮਾ
ਬਠਿੰਡਾ, 28 ਜੂਨ 2026 :ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗ਼ਰੀਬ ਅਤੇ ਪਿੱਛੜੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪੰਜਾਬ ਸਰਕਾਰ ਦੀ ਵੱਕਾਰੀ ‘ਮੇਰੀ ਰਸੋਈ ਯੋਜਨਾ' ਤਹਿਤ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਹਾਜਰ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਸੰਬੋਧਨ ਕਰਦਿਆਂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਯੋਜਨਾ' ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡੀ ਰਾਹਤ ਬਣ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਮੁੱਖ ਮਕਸਦ ਸਮਾਜ ਦੇ ਆਖਰੀ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣਾ ਹੈ।
ਸਰਪੰਚ ਨੇ ਦੁਹਰਾਇਆ ਅਸੀਂ ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਪਿੰਡ ਦੇ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਾ ਸੌਣਾ ਪਵੇ, ਇਹੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੋਵੇਗੀ।
ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਸੋਈ ਦੀਆਂ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਕੁਝ ਰਾਹਤ ਮਿਲ ਸਕੇ।
ਲਾਭਪਾਤਰੀ ਪਰਿਵਾਰਾਂ ਦੇ ਚਿਹਰਿਆਂ ’ਤੇ ਆਈ ਰੌਣਕ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਿਕ ਬਦਲਾਅ ਲਿਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਲੋਕ-ਹਿੱਤ ਯੋਜਨਾਵਾਂ ਦਾ ਲਾਭ ਹਰ ਯੋਗ ਅਤੇ ਹੱਕਦਾਰ ਵਿਅਕਤੀ ਤਕ ਪਹੁੰਚਾਉਣ ਲਈ ਪੰਚਾਇਤ ਦਿਨ-ਰਾਤ ਯਤਨਸ਼ੀਲ ਰਹੇਗੀ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਉਪਰੰਤ ਪਿੰਡ ਦੇ ਲੋੜਵੰਦ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਦਾ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਡਿੱਪੂ ਹੋਲਡਰ ਸੰਦੀਪ ਸਿੰਘ ਸੋਨੂੰ, ਪੰਚ ਜਸਪਾਲ ਸਿੰਘ ਵਿਰਕ, ਬਲਕਰਨ ਸਿੰਘ ਗਿੱਲ, ਜਸਵਿੰਦਰ ਸਿੰਘ, ਰੌਸ਼ਨ ਸਿੰਘ, ਬਲਕਰਨ ਸਿੰਘ ਰੋਮਾਣਾ ਆਦਿ ਪਾਰਟੀ ਵਰਕਰ ਵੀ ਮੌਜੂਦ ਸਨ।