ਪ੍ਰਧਾਨ ਬਲਜੀਤ ਕੌਰ
ਦੀਦਾਰ ਗੁਰਨਾ
ਮੋਹਾਲੀ 2 ਜੁਲਾਈ 2026 : ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਚੋਣ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਕਿਹਾ , ਕਿ ਕਾਂਗਰਸ ਹਾਈਕਮਾਂਡ ਨੇ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਅਤੇ ਸੁਚੱਜੀ ਰਣਨੀਤੀ ਨਾਲ ਲੜੇਗੀ
ਬਲਜੀਤ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਪਰਸਨ, ਵਿਜੈ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਪਰਸਨ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਪਰਸਨ ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸਨ ਬਣਾਉਣਾ ਪਾਰਟੀ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਪਾਰਟੀ ਪਹਿਲਾਂ ਹੀ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਰਹੀ ਹੈ। ਹੁਣ ਹਾਈਕਮਾਂਡ ਵੱਲੋਂ ਬਣਾਈ ਗਈਆਂ ਨਵੀਆਂ ਕਮੇਟੀਆਂ ਅਤੇ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣਗੀਆਂ
ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ, ਗੈਰ-ਕਾਨੂੰਨੀ ਮਾਈਨਿੰਗ ਰੋਕਣ, ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਹਰ ਵਰਗ ਦੀ ਭਲਾਈ ਦੇ ਵਾਅਦੇ ਕੀਤੇ ਸਨ, ਪਰ ਅੱਜ ਹਕੀਕਤ ਇਸ ਦੇ ਬਿਲਕੁਲ ਉਲਟ ਨਜ਼ਰ ਆ ਰਹੀ ਹੈ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਜੇ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਹਰ ਰੋਜ਼ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸੇ ਤਰ੍ਹਾਂ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੇ ਵਾਅਦੇ ਵੀ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲਗਾਤਾਰ ਗੈਰ-ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਆ ਚੁੱਕੀ ਹੈ।
ਬਲਜੀਤ ਕੌਰ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ 'ਤੇ ਖਰਚ ਕਰਕੇ ਆਪਣੀ ਪਛਾਣ ਬਣਾਉਣ ਵਿੱਚ ਰੁੱਝੀ ਹੋਈ ਹੈ। ਜਦਕਿ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਦੀਆਂ ਸਮੱਸਿਆਵਾਂ, ਮਹਿਲਾਵਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਦਾ ਭਵਿੱਖ ਵਰਗੇ ਅਹਿਮ ਮੁੱਦੇ ਅੱਜ ਵੀ ਜਿਉਂ ਦੇ ਤਿਉਂ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ, ਨੌਜਵਾਨ, ਕਿਸਾਨ, ਵਪਾਰੀ ਅਤੇ ਆਮ ਲੋਕ ਹੁਣ ਬਦਲਾਅ ਚਾਹੁੰਦੇ ਹਨ। ਲੋਕ ਸਮਝ ਚੁੱਕੇ ਹਨ ਕਿ ਸਿਰਫ਼ ਇਸ਼ਤਿਹਾਰਾਂ ਨਾਲ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਦੇ ਮੁੱਦਿਆਂ ਦਾ ਹੱਲ ਕਰੇ ਅਤੇ ਹਰ ਵਰਗ ਨੂੰ ਇਨਸਾਫ਼ ਦੇਵੇ