20 ਸਾਲਾਂ ਦਾ ਇੰਤਜ਼ਾਰ ਖਤਮ : ਗੁਰੂ ਗੋਬਿੰਦ ਸਿੰਘ ਨਗਰ ਤੇ ਬਾਬਾ ਫ਼ਰੀਦ ਨਗਰ ਵਿੱਚ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਕਾਰਜ ਦਾ ਆਗਾਜ਼
ਅਸ਼ੋਕ ਵਰਮਾ
ਬਠਿੰਡਾ, 6 ਜੁਲਾਈ 2026 :ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸੋਮਵਾਰ ਨੂੰ ਕੌਂਸਲਰ ਸ਼੍ਰੀ ਹਰਵੀਰ ਸਿੰਘ ਰਿੱਪੂ ਦੇ ਵਾਰਡ ਨੰਬਰ 2 ਅਤੇ ਕੌਂਸਲਰ ਸ਼੍ਰੀ ਉਮੇਸ਼ ਗਰਗ ‘ਗੋਗੀ’ਦੇ ਵਾਰਡ ਨੰਬਰ 4 ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਨਗਰ ਅਤੇ ਬਾਬਾ ਫ਼ਰੀਦ ਨਗਰ ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਕਾਰਜ ਦਾ ਵਿਧੀਵਤ ਸ਼ੁਭ ਆਰੰਭ ਕੀਤਾ।
ਇਸ ਮੌਕੇ ਨਗਰ ਨਿਗਮ ਦੇ ਐਸ.ਡੀ.ਓ. ਸ੍ਰੀ ਰਣਬੀਰ ਸਿੰਘ, ਜੇ.ਈ. ਸ੍ਵੀ ਸਾਜਨ, ਦੋਵੇਂ ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਮੇਅਰ ਦੇ ਮੌਕੇ ’ਤੇ ਪਹੁੰਚਣ ’ਤੇ ਕੌਂਸਲਰ ਹਰਵੀਰ ਸਿੰਘ ਰਿੱਪੂ ਅਤੇ ਉਮੇਸ਼ ਗਰਗ ‘ਗੋਗੀ’ਦੀ ਅਗਵਾਈ ਹੇਠ ਇਲਾਕਾ ਵਾਸੀਆਂ ਨੇ ਉਨ੍ਹਾ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਕਈ ਸਾਲਾਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਹੈ, ਉੱਥੇ ਹੁਣ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਗੁਰੂ ਗੋਬਿੰਦ ਸਿੰਘ ਨਗਰ ਅਤੇ ਬਾਬਾ ਫ਼ਰੀਦ ਨਗਰ ਦੇ ਵਸਨੀਕ ਲੰਬੇ ਸਮੇਂ ਤੋਂ ਖਸਤਾ ਹਾਲ ਸੜਕਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਅੱਜ ਕਰੀਬ 20 ਸਾਲਾਂ ਬਾਅਦ ਇਨ੍ਹਾਂ ਇਲਾਕਿਆਂ ਵਿੱਚ ਪ੍ਰੀਮਿਕਸ ਸੜਕਾਂ ਦਾ ਕੰਮ ਸ਼ੁਰੂ ਹੋਣਾ ਸਾਡੇ ਲਈ ਖੁਸ਼ੀ ਦੀ ਗੱਲ ਹੈ। ਇਹ ਵਿਕਾਸ ਕਾਰਜ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਇਲਾਕੇ ਦੀ ਦਿੱਖ ਵੀ ਬਦਲੇਗਾ।”
ਮੇਅਰ ਨੇ ਕਿਹਾ ਕਿ ਨਗਰ ਨਿਗਮ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਨਹੀਂ ਕਰੇਗਾ। “ਲੋਕਾਂ ਨੇ ਸਾਡੇ ’ਤੇ ਜੋ ਵਿਸ਼ਵਾਸ ਕੀਤਾ ਹੈ, ਉਸ ’ਤੇ ਖਰਾ ਉਤਰਨਾ ਸਾਡਾ ਫ਼ਰਜ਼ ਹੈ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਪੜਾਅਵਾਰ ਢੰਗ ਨਾਲ ਪੂਰੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਹਨ। ਸਾਡਾ ਇੱਕੋ-ਇੱਕ ਮਕਸਦ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਹੈ।”
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਵਿੱਚ ਉੱਚ ਮਿਆਰ ਅਨੁਸਾਰ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਵਧੀਆ ਸੜਕਾਂ ਦੀ ਸਹੂਲਤ ਮਿਲ ਸਕੇ।
ਇਸ ਮੌਕੇ ਕੌਂਸਲਰ ਸ੍ਵੀ ਹਰਵੀਰ ਸਿੰਘ ਰਿੱਪੂ ਅਤੇ ਕੌਂਸਲਰ ਸ੍ਵੀ ਉਮੇਸ਼ ਗਰਗ ‘ਗੋਗੀ’ ਨੇ ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਇਲਾਕਾ ਵਾਸੀਆਂ ਨੇ ਖਸਤਾ ਹਾਲ ਸੜਕਾਂ ਦੀ ਸਮੱਸਿਆ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 20 ਸਾਲਾਂ ਤੋਂ ਇਨ੍ਹਾਂ ਕਾਲੋਨੀਆਂ ਵਿੱਚ ਸੜਕਾਂ ਦਾ ਨਵੀਨੀਕਰਨ ਨਹੀਂ ਹੋਇਆ ਸੀ।
ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਸਿਰਫ਼ ਦੋ ਹਫ਼ਤਿਆਂ ਵਿੱਚ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਕਰਵਾ ਕੇ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮਿਸਾਲ ਹੈ।
ਇਲਾਕਾ ਨਿਵਾਸੀਆਂ ਨੇ ਵੀ ਮੇਅਰ ਸ੍ਵੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਬਾਅਦ ਉਨ੍ਹਾਂ ਦੇ ਇਲਾਕੇ ਵਿੱਚ ਇੰਨੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਹੋਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਆਂ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਵੇਗੀ, ਸਗੋਂ ਇਲਾਕੇ ਦੀ ਸਮੁੱਚੀ ਨੁਹਾਰ ਵੀ ਬਦਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਣਗੀਆਂ।