ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ
ਰੈਸ਼ਨੇਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ 5 ਨਵੇਂ ਪੋਲਿੰਗ ਸਟੇਸ਼ਨਾਂ ਦਾ ਹੋਇਆ ਵਾਧਾ
14 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵਿੱਚ ਕੀਤਾ ਗਿਆ ਬਦਲਾਅ
ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 24 ਜੁਲਾਈ ਤੱਕ ਘਰ-ਘਰ ਜਾ ਕੇ ਭਰਵਾਏ ਜਾ ਰਹੇ ਹਨ ਗਣਨਾ ਫਾਰਮ
ਅਸ਼ੋਕ ਵਰਮਾ
ਮਾਨਸਾ, 7 ਜੁਲਾਈ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪੋਲਿੰਗ ਸਟੇਸ਼ਨਾਂ ਦੀ ਕੀਤੀ ਗਈ ਰੈਸ਼ਨੇਲਾਈਜੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ਵਿੱਚ 5 ਨਵੇਂ ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ ਜਿਸ ਤਹਿਤ 96- ਮਾਨਸਾ ਵਿਖੇ 4 ਅਤੇ 97- ਸਰਦੂਲਗੜ੍ਹ ਵਿਖੇ 1 ਪੋਲਿੰਗ ਸਟੇਸ਼ਨ ਨਵਾਂ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ, ਵੱਖ-ਵੱਖ ਤਕਨੀਕੀ ਅਤੇ ਭੂਗੋਲਿਕ ਕਾਰਨਾਂ ਕਰਕੇ 14 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਤਬਦੀਲ (ਸ਼ਿਫਟ) ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ ਆਗਾਮੀ 24 ਜੁਲਾਈ ਤੱਕ ਨਿਰੰਤਰ ਜਾਰੀ ਰਹੇਗੀ। ਚੋਣ ਅਫ਼ਸਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਿੱਚ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ 03 ਅਗਸਤ ਤੋਂ 02 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06 ਭਰ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੁਹਰਾਇਆ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਹਰ ਇੱਕ ਯੋਗ ਨਾਗਰਿਕ ਦੀ ਵੋਟ ਲਾਜ਼ਮੀ ਬਣੇ ਅਤੇ ਵੋਟਰ ਸੂਚੀ ਨੂੰ ਸ਼ੁੱਧ ਰੱਖਣ ਲਈ ਕਿਸੇ ਵੀ ਅਯੋਗ ਵਿਅਕਤੀ ਦੀ ਵੋਟ ਸੂਚੀ ਵਿੱਚ ਦਰਜ ਨਾ ਹੋ ਸਕੇ।
ਇਸ ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਅਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।