ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 07 ਜੁਲਾਈ 2026 : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਸਰਹਿੰਦ ਬਲਾਕ ਦੇ ਪਿੰਡਾਂ ਲਈ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ , ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ 'ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ
ਵਿਧਾਇਕ ਰਾਏ ਨੇ ਦੱਸਿਆ ਕਿ ਪਹਿਲੇ ਦਿਨ ਡਾਕੂਮੈਂਟਰੀ ਵੈਨ ਬਲਾਕ ਸਰਹਿੰਦ ਦੇ ਪਿੰਡ ਮਾਧੋਪੁਰ ਅਤੇ ਸਿੱਧੂਵਾਲ ਵਿਖੇ ਸ਼ਾਮ ਕਰੀਬ 6 ਵਜ੍ਹੇ ਪਹਿਲਾ ਸ਼ੋਅ ਅਤੇ ਕਰੀਬ 07 ਵਜ੍ਹੇ ਦੂਜੇ ਪਿੰਡ ਵਿਖੇ ਦਸਤਾਵੇਜ਼ੀ ਸ਼ੋਅ ਦਿਖਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ
ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਸੇ ਤਰ੍ਹਾ ਬਲਾਕ ਅਮਲੋਹ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਰੋਜਾਨਾਂ ਦੋ ਪਿੰਡ ਕਵਰ ਕਰੇਗੀ। ਉਨ੍ਹਾਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ