ਗੁਰਸ਼ਰਨ ਸਿੰਘ ਬੱਬਰਾ (ਵਿੱਕੀ ਠੇਕੇਦਾਰ) ਰਾਮਗੜੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 17 ਜੁਲਾਈ 2026
ਸੁਲਤਾਨਪੁਰ ਲੋਧੀ, ਪੰਜਾਬ ਸਰਕਾਰ ਵੱਲੋਂ ਉੱਘੇ ਸਮਾਜ ਸੇਵੀ ਅਤੇ ਠੇਕੇਦਾਰ ਵਜੋਂ ਜਾਣੇ ਜਾਂਦੇ ਗੁਰਸ਼ਰਨ ਸਿੰਘ ਬੱਬਰਾ (ਵਿੱਕੀ ਠੇਕੇਦਾਰ) ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸੁਲਤਾਨਪੁਰ ਲੋਧੀ ਹਲਕੇ ਸਮੇਤ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸਮਾਜਿਕ, ਧਾਰਮਿਕ ਤੇ ਸਿਆਸੀ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਚੇਅਰਮੈਨ ਨਿਯੁਕਤ ਹੋਣ ਉਪਰੰਤ ਗੁਰਸ਼ਰਨ ਸਿੰਘ ਬੱਬਰਾ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਵੀ ਵਿਸ਼ੇਸ਼ ਤੌਰ 'ਤੇ ਆਭਾਰ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ 'ਤੇ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਖਰਾ ਉਤਰਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਮਗੜੀਆ ਭਾਈਚਾਰੇ ਦੀ ਭਲਾਈ ਲਈ ਬੋਰਡ ਰਾਹੀਂ ਵੱਧ ਤੋਂ ਵੱਧ ਲੋਕ-ਹਿਤੈਸ਼ੀ ਕੰਮ ਕੀਤੇ ਜਾਣਗੇ ਅਤੇ ਸਮਾਜ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਗੁਰਸ਼ਰਨ ਸਿੰਘ ਬੱਬਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਰਾਮਗੜੀਆ ਭਾਈਚਾਰੇ ਵਿੱਚ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਲਤਾਨਪੁਰ ਲੋਧੀ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਉਹ ਪੂਰੀ ਤਾਕਤ ਨਾਲ ਕੰਮ ਕਰਨਗੇ।
ਉਨ੍ਹਾਂ ਦੀ ਨਿਯੁਕਤੀ 'ਤੇ ਇਲਾਕੇ ਦੇ ਵੱਖ-ਵੱਖ ਸਮਾਜਿਕ ਅਤੇ ਸਿਆਸੀ ਆਗੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਆਸ ਜਤਾਈ ਕਿ ਗੁਰਸ਼ਰਨ ਸਿੰਘ ਬੱਬਰਾ ਦੀ ਅਗਵਾਈ ਹੇਠ ਰਾਮਗੜੀਆ ਵੈਲਫੇਅਰ ਬੋਰਡ ਸਮਾਜ ਦੇ ਹਿੱਤਾਂ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ।