ਤਰਕਸ਼ੀਲ ਸੋਸਾਇਟੀ ਵੱਲੋਂ ਜੰਤਰ ਮੰਤਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਤਸ਼ੱਦਦ ਦੀ ਨਿਖੇਧੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਰ.ਐਸ.ਐਸ. ਦੇ ਫ਼ਿਰਕੂ ਸਮਾਗਮ ਕਰਵਾਉਣੇ ਗ਼ੈਰ ਸੰਵਿਧਾਨਕ - ਤਰਕਸ਼ੀਲ਼ ਸੁਸਾਇਟੀ
ਅਸ਼ੋਕ ਵਰਮਾ
ਬਰਨਾਲਾ, 21 ਜੁਲਾਈ 2026 : ਤਰਕਸ਼ੀਲ਼ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਨੀਟ ਦੇ ਪੇਪਰ ਲੀਕ ਮੁੱਦੇ ਸਮੇਤ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਤਰ ਮੰਤਰ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ਉਤੇ ਦਿੱਲੀ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ, ਅੰਨ੍ਹੇਵਾਹ ਲਾਠੀਚਾਰਜ ਤੇ ਗ੍ਰਿਫ਼ਤਾਰ ਕਰਨ ਅਤੇ ਪੰਡਾਲ ਦੀ ਤੋੜ ਭੰਨ ਕਰਕੇ ਜਬਰੀ ਧਰਨਾ ਉਠਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸਦੇ ਨਾਲ ਹੀ ਸੁਸਾਇਟੀ ਨੇ ਪੰਜਾਬ ਵਿੱਚ ਮਗਨਰੇਗਾ ਕਰਮਚਾਰੀਆਂ ਉੱਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕੰਪਲੈਕਸ ਵਿੱਚ ਆਰ.ਐਸ.ਐਸ.ਨਾਲ ਸੰਬੰਧਿਤ ਫ਼ਿਰਕੂ ਸਮਾਗਮ ਦਾ ਵਿਰੋਧ ਕਰਦੇ ਵਿਦਿਆਰਥੀਆਂ ਨਾਲ ਧੂਹ ਘੜੀਸ ਅਤੇ ਬਦਸਲੂਕੀ ਕਰਨ ਦੀ ਵੀ ਨਿੰਦਾ ਕੀਤੀ ਹੈ।
ਇਸ ਸਬੰਧੀ ਇੱਕ ਪ੍ਰੈੱਸ ਬਿਆਨ ਰਾਹੀਂ ਰੋਸ ਜਾਹਿਰ ਕਰਦਿਆਂ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੇਪਰ ਲੀਕ,ਬੇਰੁਜ਼ਗਾਰੀ ਅਤੇ ਭ੍ਰਿਸ਼ਟ ਸਿੱਖਿਆ ਢਾਂਚੇ ਸਮੇਤ ਮੌਜੂਦਾ ਹਕੂਮਤ ਦੀਆਂ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਅਤੇ ਭ੍ਰਿਸ਼ਟ ਕਾਰਵਾਈਆਂ ਦਾ ਜਮਹੂਰੀ ਢੰਗ ਨਾਲ ਵਿਰੋਧ ਕਰਨ ਦਾ ਸੰਵਿਧਾਨਕ ਹੱਕ ਹੈ ਪਰ ਮੋਦੀ ਸਰਕਾਰ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਨ ਦੀ ਥਾਂ ਹਿੰਦੂਤਵ ਦੇ ਫ਼ਿਰਕੂ ਏਜੰਡੇ ਹੇਠ ਦੇਸ਼ ’ਚੋਂ ਅਸਹਿਮਤੀ ਅਤੇ ਸਿਆਸੀ ਵਿਰੋਧੀਆਂ ਦੀਆਂ ਆਵਾਜ਼ਾਂ ਨੂੰ ਲਾਠੀ ਅਤੇ ਗੋਲੀ ਦੇ ਤਾਨਾਸ਼ਾਹੀ ਹੱਥਕੰਡਿਆਂ ਰਾਹੀਂ ਦਬਾਉਣ ਦੀ ਨੀਤੀ ਅਪਣਾ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸ਼ਨ ਵੱਲੋਂ ਕੁੱਝ ਦਿਨ ਪਹਿਲਾਂ ਵਿਦਿਆਰਥੀ ਜਥੇਬੰਦੀਆਂ ਨੂੰ ਆਰ.ਐਸ.ਐਸ. ਨਾਲ ਸੰਬੰਧਿਤ ਸੰਸਥਾਵਾਂ ਦਾ ਫ਼ਿਰਕੂ ਸਮਾਗਮ ਨਾ ਕਰਵਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਚੋਰੀ ਛੁੱਪੇ ਸਮਾਗਮ ਕਰਵਾਉਣਾ ਅਤੇ ਵਿਰੋਧ ਕਰਦੇ ਵਿਦਿਆਰਥੀਆਂ ਉਤੇ ਜ਼ਬਰ ਕਰਨ ਦੀ ਫਾਸ਼ੀਵਾਦੀ ਕਾਰਵਾਈ ਨੇ ਯੂਨੀਵਰਸਿਟੀ ਅਧਿਕਾਰੀਆਂ ਦੇ ਭਗਵੇਂ ਏਜੰਡੇ ਦਾ ਪਰਦਾਫਾਸ਼ ਕੀਤਾ ਹੈ।
ਤਰਕਸ਼ੀਲ਼ ਆਗੂਆਂ ਨੇ ਆਮ ਆਦਮੀ ਪਾਰਟੀ ਵੱਲੋਂ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਤੇ ਤਸ਼ੱਦਦ ਕਰਨ ਦੇ ਵਿਰੋਧ ਨੂੰ ਨਿਰਾ ਸਿਆਸੀ ਨਾਟਕ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਦੀਆਂ ਰੁਕੀਆਂ ਤਨਖਾਹਾਂ ਲਈ ਸੰਘਰਸ਼ ਕਰਦੇ ਮਗਨਰੇਗਾ ਕਰਮਚਾਰੀਆਂ ਉੱਤੇ ਖੁਦ ਪੰਜਾਬ ਸਰਕਾਰ ਵੱਲੋਂ ਅੰਨਾ ਤਸ਼ੱਦਦ ਕੀਤਾ ਜਾ ਰਿਹਾ ਹੈ ਪਰ ਇਸਦੇ ਬਿੱਲਕੁਲ ਉਲਟ ਪੰਜਾਬ ਸਰਕਾਰ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰਕੇ ਕੇਜਰੀਵਾਲ ਦੇ ਫ਼ਿਰਕੂ ਏਜੰਡੇ ਹੇਠ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’, ‘ਹਮਾਰੇ ਰਾਮ’ ਵਰਗੇ ਧਾਰਮਿਕ ਸਮਾਗਮਾਂ ਅਤੇ ਤੀਰਥ ਯਾਤਰਾਵਾਂ ਉੱਤੇ ਜਨਤਕ ਸਰਮਾਏ ਦੇ ਕਰੋੜਾਂ ਰੁਪਏ ਦੀ ਫ਼ਜ਼ੂਲਖਰਚੀ ਕਰ ਰਹੀ ਹੈ।