ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਭਾਜਪਾ ਦਫਤਰ ਮਾਨਸਾ ਅੱਗੇ ਧਰਨਾ ਪ੍ਰਦਰਸ਼ਨ
ਅਸ਼ੋਕ ਵਰਮਾ
ਮਾਨਸਾ, 22 ਜੁਲਾਈ 2026 : ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਪੰਜਾਬ ਵਿੱਚ ਭਾਜਪਾ ਦੇ ਦਫਤਰਾਂ ਅੱਗੇ ਧਰਨਾ ਪ੍ਰਦਰਸ਼ਨ, ਸਾਰੇ ਟੋਲ ਪਲਾਜੇ 12 ਵਜੇ ਤੋਂ 3 ਵਜੇ ਤੱਕ ਫਰੀ ਕੀਤੇ ਗਏ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸੇ ਦੀ ਕੜੀ ਵਜੋਂ ਅੱਜ ਐਸਕੇਐਮ ਨਾਲ ਸਬੰਧਿਤ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਮੁੱਖ ਦਫਤਰ ਭਾਜਪਾ ਜਿਲਾ ਮਾਨਸਾ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਤਾਂ ਇਹ ਸਾਰੇ ਦੇਸ਼ ਦੇ ਕਿਸਾਨਾਂ ਲਈ ਬਰਬਾਦੀ ਲੈ ਕੇ ਆਵੇਗਾ। ਅਮਰੀਕਾ ਤੋਂ ਜਿਨਸਾਂ ਤੇ ਭਾਰਤ ਵਿੱਚ ਦਾਖਲੇ ਨਾਲ ਭਾਰਤੀ ਜਿਨਸਾਂ ਦੀ ਬੇਕਦਰੀ ਹੋਵੇਗੀ I ਉਹਨਾਂ ਨੇ ਕਿਹਾ ਕਿ ਜੇਕਰ ਲੋਕਾਂ ਦੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਇਹ ਸਮਝੌਤਾ ਕਰਦੀ ਹੈ ਤਾਂ ਅਗਲੇ ਹੀ ਦਿਨ ਸਾਰੇ ਭਾਰਤ ਵਿੱਚ ਰੇਲ ਰੋਕੋ, ਸੜਕ ਜਾਮ ਅਤੇ ਹੋਰ ਪ੍ਰੋਗਰਾਮ ਕੀਤੇ ਜਾਣਗੇ।
ਇਸੇ ਦੌਰਾਨ ਦਿੱਲੀ ਵਿਖੇ ਜੰਤਰ ਮੰਤਰ ਤੋਂ ਪਾਰਲੀਮੈਂਟ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ 'ਤੇ ਬੀਤੇ ਦਿਨੀ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਸੁੱਟਣ ਦੇ ਖਿਲਾਫ਼, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਜਬਰ ਦੇ ਖਿਲਾਫ਼ ਅਤੇ 21 ਜੁਲਾਈ ਨੂੰ ਦਿੱਲੀ ਜਾ ਰਹੇ ਕਿਸਾਨਾਂ ਦਾ ਰਸਤਾ ਰੋਕਣ ਦੀ ਮੋਦੀ ਸਰਕਾਰ ਦੀ ਕਾਰਜਸ਼ੈਲੀ ਦੀ ਕੜੀ ਨਿੰਦਾ ਕੀਤੀ ਗਈ । ਉਹਨਾਂ ਦਿੱਲੀ ਵਿਖੇ ਵਿਦਿਆਰਥੀਆਂ 'ਤੇ ਕੀਤੇ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਹਰ ਸੰਘਰਸ਼ਸ਼ੀਲ ਤਬਕੇ ਨੂੰ ਲਾਠੀ ਅਤੇ ਗੋਲੀ ਨਾਲ ਦਬਾਉਣਾ ਚਾਹੁੰਦੀ ਹੈ ਪਰ ਸੰਘਰਸ਼ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਕੁਚਲਿਆ ਨਹੀਂ ਜਾ ਸਕਦਾ I
ਇਸ ਮੌਕੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਦੇ ਜਰੀਏ ਕਿਸਾਨਾਂ ਦੀ ਜਮੀਨ ਹੜਪਣ ਦੇ ਕਦਮ ਦਾ ਸਖਤ ਵਿਰੋਧ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ, ਬਾਲਮ ਫਫੜੇ, ਭਾਕਿਯੂ ਏਕਤਾ ਡਕੌਂਦਾ ਦੇ ਲਖਵੀਰ ਸਿੰਘ ਅਕਲੀਆ, ਬਲਕਾਰ ਸਿੰਘ, ਭਾਕਿਯੂ ਏਕਤਾ ਉਗਰਾਹਾਂ ਦੇ ਰਾਮ ਸਿੰਘ ਭੈਣੀ ਬਾਘਾ, ਇੰਦਰਜੀਤ ਸਿੰਘ ਝੱਬਰ, ਭਾਕਿਯੂ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ, ਸੁਖਵਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ, ਕੁਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋ, ਜੁਗਰਾਜ ਹੀਰਕੇ ਆਦਿ ਨੇ ਸੰਬੋਧਨ ਕੀਤਾ I