ਲਾਲੜੂ ਲਈ 47.54 ਕਰੋੜ ਰੁਪਏ ਦੇ ਨਵੇਂ ਸੀਵਰੇਜ ਪ੍ਰੋਜੈਕਟ ਦਾ ਐਲਾਨ
ਤਿੰਨ ਐੱਸ.ਟੀ.ਪੀ. ਸਥਾਪਤ ਕਰਨ ਤੇ ਸੀਵਰੇਜ ਨੈੱਟਵਰਕ ਦੇ ਵਿਸਥਾਰ ਕਰਨ ਦੀ ਯੋਜਨਾ
ਮਲਕੀਤ ਸਿੰਘ ਮਲਕਪੁਰ
ਲਾਲੜੂ 24 ਜੁਲਾਈ 2026: ਲਾਲੜੂ ਨਗਰ ਕੌਂਸਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਜੋਰਾਵਰ ਸਿੰਘ ਨੇ ਨਗਰ ਕੌਂਸਲ ਦੇ ਪ੍ਰਧਾਨ, ਹਰੀਸ਼ ਮਦਾਨ ਨੇ ਸੀਨੀਅਰ ਵਾਈਸ ਪ੍ਰਧਾਨ ਅਤੇ ਅਮਨ ਰਾਣਾ ਨੇ ਵਾਈਸ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਸਰਵਪੱਖੀ ਵਿਕਾਸ ਲਈ 47.54 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸੀਵਰੇਜ ਪ੍ਰੋਜੈਕਟ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਲਾਲੜੂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੀਵਰੇਜ ਨੈੱਟਵਰਕ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਤਿੰਨ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ.) ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ ਲੈਹਲੀ, ਹਸਨਪੁਰ, ਜਲਾਲਪੁਰ, ਮਗਰਾ, ਡਹਿਰ ਅਤੇ ਆਲਮਗੀਰ ਖੇਤਰਾਂ ਨੂੰ ਕਵਰ ਕਰਦਿਆਂ ਮਗਰਾ ਵਿਖੇ 3 ਐਮ.ਐਲ.ਡੀ. ਸਮਰੱਥਾ ਵਾਲਾ ਐੱਸ.ਟੀ.ਪੀ. ਸਥਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਲਾਲੜੂ ਮੰਡੀ ਤੋਂ ਵੇਰਕਾ ਤੱਕ ਨਵਾਂ ਸੀਵਰੇਜ ਨੈੱਟਵਰਕ ਵਿਛਾਇਆ ਜਾਵੇਗਾ ਅਤੇ ਵੇਰਕਾ ਵਿਖੇ 3.5 ਐਮ.ਐਲ.ਡੀ. ਸਮਰੱਥਾ ਵਾਲਾ ਐੱਸ.ਟੀ.ਪੀ. ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਦੱਪਰ ਵਿਖੇ 1 ਐਮ.ਐਲ.ਡੀ. ਸਮਰੱਥਾ ਵਾਲਾ ਤੀਜਾ ਐੱਸ.ਟੀ.ਪੀ. ਵੀ ਸਥਾਪਤ ਕੀਤਾ ਜਾਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਲਾਲੜੂ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਇਸ ਨਾਲ ਸੀਵਰੇਜ ਪ੍ਰਬੰਧਨ ਹੋਰ ਮਜ਼ਬੂਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸੀਵਰੇਜ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਟੀਮ ਭਾਵਨਾ ਨਾਲ ਕੰਮ ਕਰਦਿਆਂ ਲਾਲੜੂ ਦੇ ਵਿਕਾਸ ਨੂੰ ਹੋਰ ਗਤੀ ਦੇਣਗੇ।