ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ਲਈ ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਜਾਰੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ,26 ਜੁਲਾਈ 2026 : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਦੁਪਹਿਰ 12 ਵਜੇ ਤੋਂ ਸ਼ੁਰੂ ਕੀਤੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ।ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਸਮੇਂ ਤੋਂ ਲਗਾਤਾਰ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਦੁਪਹਿਰ 12 ਵਜ਼ੇ ਤੋਂ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ,ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ,ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ 30 ਜੂਨ 2026 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਿਭਾਗ ਦੇ ਅਨ-ਸਿੱਖਿਅਤ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਦਸ ਦਿਨ ਦੀ ਟਰੇਨਿੰਗ ਦੇਣ ਦੇ ਕਾਰਜ ਨੂੰ ਜਲਦ ਸ਼ੁਰੂ ਕੀਤਾ ਜਾਵੇ। ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਕਾਰਜ ਨੂੰ ਜਲਦ ਸ਼ੁਰੂ ਕੀਤਾ ਜਾਵੇ,ਵਿਭਾਗ ਵਿੱਚ ਮਰਜ਼ ਕੀਤੇ ਠੇਕਾ ਮੁਲਾਜ਼ਮਾਂ ਦੀਆਂ ਨਿੱਜੀ ਆਈਡੀਆਂ ਬਣਾਈਆਂ ਜਾਣ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ,ਅੱਜ ਦੀ ਇਕੱਤਰਤਾ ਨੂੰ ਬੀਕੇਯੂ ਉਗਰਾਹਾਂ ਤੋਂ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ,ਟੀ.ਐੱਸ.ਯੂ.ਭੰਗਲ ਤੋਂ ਚੰਦਰ ਸ਼ਰਮਾ,ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਤੋਂ ਸੂਬਾ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ,ਇੰਪਲਾਈਜ ਫੈਡਰੇਸ਼ਨ ਚਹਿਲ ਗਰੁੱਪ ਤੋਂ ਕੈਸ਼ੀਅਰ ਗੁਰਭੇਜ ਸਿੰਘ ਅਤੇ ਪੁਸ਼ਕਰ ਭਾਰਦਵਾਜ ਆਦਿ ਨੇ ਸੰਬੋਧਨ ਕੀਤਾ।