ਕੋਹਰ ਸਿੰਘ ਵਾਲਾ ਸਕੂਲ ਵਿੱਚ ਪੌਦੇ ਲਗਾ ਕੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਲਈ ਕੀਤਾ ਪ੍ਰੇਰਿਤ
ਬਾਬੂਸ਼ਾਹੀ ਬਿਊਰੋ
27 ਜੁਲਾਈ 2026
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਕੋਹਰ ਸਿੰਘ ਵਾਲਾ ਵਿਖੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਸੰਧੂ ਨੇ ਸਕੂਲ ਕੈਂਪਸ ਵਿੱਚ ਪੌਦਾ ਲਗਾ ਕੇ ਅਤੇ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਜੀਵਨ ਦੀ ਹੋਂਦ ਨੂੰ ਕਾਇਮ ਰੱਖਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਸਿਰਜਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਮੰਦਰ ਸਿੰਘ, ਕੋਮਲ ਸ਼ਰਮਾ, ਗੁਰਪ੍ਰੀਤ ਸਿੰਘ, ਬਾਬਾ ਹਰਦੀਪ ਸਿੰਘ (ਕੋਹਰ ਸਿੰਘ ਵਾਲਾ) ਸਮੇਤ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।