ਕਪੂਰਥਲਾ : LADC ਸਿਸਟਮ ਖ਼ਿਲਾਫ਼ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦਾ ਵੱਡਾ ਰੋਸ ਪ੍ਰਦਰਸ਼ਨ, ਤਲਵੰਡੀ ਚੌਧਰੀਆਂ ਚੌਂਕ ਤੱਕ ਕੱਢਿਆ ਰੋਸ ਮਾਰਚ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 28 ਜੁਲਾਈ 2026
ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਅੱਜ ਲੀਗਲ ਏਡ ਡਿਫੈਂਸ ਕੌਂਸਲ (LADC) ਸਿਸਟਮ ਦੇ ਵਿਰੋਧ ਵਿੱਚ ਕੋਰਟ ਕੰਪਲੈਕਸ ਤੋਂ ਸ਼ੁਰੂ ਕਰਕੇ ਤਲਵੰਡੀ ਚੌਧਰੀਆਂ ਚੌਂਕ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਵਕੀਲਾਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ LADC ਪ੍ਰਣਾਲੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਐਡਵੋਕੇਟ ਸ਼ਾਮਲ ਹੋਏ, ਜਿਨ੍ਹਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਆਪਣਾ ਵਿਰੋਧ ਦਰਜ ਕਰਵਾਇਆ। ਵਕੀਲਾਂ ਦਾ ਕਹਿਣਾ ਸੀ ਕਿ LADC ਸਿਸਟਮ ਨਾਲ ਆਮ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਦੇ ਰੋਜ਼ਗਾਰ 'ਤੇ ਗੰਭੀਰ ਅਸਰ ਪੈ ਰਿਹਾ ਹੈ ਅਤੇ ਇਹ ਪ੍ਰਣਾਲੀ ਨਿਆਂ ਪ੍ਰਣਾਲੀ ਦੇ ਸੰਤੁਲਨ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ ਨੇ ਕਿਹਾ ਕਿ LADC ਸਿਸਟਮ ਵਕੀਲ ਭਾਈਚਾਰੇ ਦੇ ਹਿੱਤਾਂ ਦੇ ਉਲਟ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਪ੍ਰਣਾਲੀ 'ਤੇ ਤੁਰੰਤ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਨੇ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ 'ਤੇ ਹੋਰ ਵੱਡੇ ਅੰਦੋਲਨ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪ੍ਰਧਾਨ ਸੰਧਾ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਆਪਣੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੈ ਅਤੇ ਜਦੋਂ ਤੱਕ LADC ਸਿਸਟਮ ਸਬੰਧੀ ਵਕੀਲ ਭਾਈਚਾਰੇ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਰੋਸ ਮਾਰਚ ਦੌਰਾਨ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਸਮੂਹ ਵਕੀਲਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਵਕੀਲਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਆਪਣੇ ਹੱਕਾਂ ਲਈ ਉਹ ਹਰ ਪੱਧਰ 'ਤੇ ਸੰਘਰਸ਼ ਕਰਨ ਲਈ ਤਿਆਰ ਹਨ।