ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 28 ਜੁਲਾਈ 2026 : ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਬਲਜਿੰਦਰ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਗੁਰੂਸਰ,ਜਗਤਾਰ ਸੰਧੂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਤੋਂ ਲਗਾਤਾਰ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ।
ਉਹਨਾਂ ਕਿਹਾ ਕਿ ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਨੋਟੀਫਿਕੇਸ਼ਨ ਦੇ ਫੈਸਲੇ ਮੁਤਾਬਿਕ ਵਿਭਾਗ ਦੇ ਅਨ-ਸਿੱਖਿਅਤ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਦਸ ਦਿਨ ਦੀ ਟਰੇਨਿੰਗ ਦੇਣ ਦੇ ਕਾਰਜ ਨੂੰ ਜਲਦ ਸ਼ੁਰੂ ਕੀਤਾ ਜਾਵੇ। ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਕਾਰਜ ਨੂੰ ਜਲਦ ਸ਼ੁਰੂ ਕੀਤਾ ਜਾਵੇ। ਵਿਭਾਗ ਵਿੱਚ ਮਰਜ਼ ਕੀਤੇ ਠੇਕਾ ਮੁਲਾਜ਼ਮਾਂ ਦੀਆਂ ਨਿੱਜੀ ਆਈਡੀਆਂ ਬਣਾਈਆਂ ਜਾਣ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਅੱਜ ਦੀ ਇਕੱਤਰਤਾ ਨੂੰ ਇੰਪਲਾਈਜ ਫੈਡਰੇਸ਼ਨ ਚਹਿਲ ਗਰੁੱਪ ਤੋਂ ਰਘੁਵੀਰ ਸਿੰਘ ਅਤੇ ਰਾਜਿੰਦਰ ਸਿੰਘ,ਕਿਸਾਨ ਆਗੂ ਮੋਠੂ ਸਿੰਘ ਕੋਟੜਾ,ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਡੀਸੀ ਸਿੰਘ ਆਦਿ ਨੇ ਸੰਬੋਧਨ ਕੀਤਾ।