ਨਸ਼ਿਆਂ ਸਬੰਧੀ ਪਛਾਣੇ ਗਏ 27 ਹੌਟਸਪਾਟ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਕਰਵਾਏਗਾ ਮੈਚ : DC ਬਠਿੰਡਾ
ਪੁਲਿਸ ਅਤੇ ਸਿਵਲ ਪ੍ਰਸ਼ਾਸਨ ਮਿਲਕੇ ਕਰਵਾਏਗਾ ਸਮਾਗਮ : ਐੱਸ ਐੱਸ ਪੀ
ਅਸ਼ੋਕ ਵਰਮਾ
ਬਠਿੰਡਾ, 28 ਜੁਲਾਈ 2026 : ਜ਼ਿਲ੍ਹਾ ਬਠਿੰਡਾ ਦੇ 27 ਹੌਟਸਪਾਟ ਪਿੰਡਾਂ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ ਅਤੇ ਇਨ੍ਹਾਂ ਖੇਤਰਾਂ ਦੇ ਹੋਣਹਾਰ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਇੱਥੇ ਹੋਈ ਨੈਸ਼ਨਲ ਨਾਰਕੋਟਿਕਸ ਕੰਟਰੋਲ (ਐੱਨ ਕਾਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਵੀ ਉਨ੍ਹਾਂ ਨਾਲ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ 27 ਅਜਿਹੇ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਹੌਟਸਪਾਟ ਮੰਨਿਆ ਜਾਂਦਾ ਹੈ ਅਤੇ ਜਿੱਥੇ ਨਸ਼ਿਆਂ ਨਾਲ ਸਬੰਧਤ ਘਟਨਾਵਾਂ ਵੱਧ ਹਨ। ਇਸ ਸਮੱਸਿਆ ਨਾਲ ਨਜਿੱਠਣ ਲਈ ਇਨ੍ਹਾਂ ਖੇਤਰਾਂ ਵਿੱਚ ਖੇਡ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਐੱਸ.ਐੱਸ.ਪੀ. ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਅਤੇ ਖੇਡ ਵਿਭਾਗ ਆਪਸੀ ਤਾਲਮੇਲ ਨਾਲ ਇਹ ਮੁਕਾਬਲੇ ਕਰਵਾਉਣਗੇ। ਇਨ੍ਹਾਂ ਮੁਕਾਬਲਿਆਂ ਦਾ ਮੁਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨਾ ਹੋਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ 27 ਹੌਟਸਪਾਟ ਖੇਤਰਾਂ ਦੇ ਅੰਦਰ ਅਤੇ ਆਸ-ਪਾਸ ਸਥਿਤ ਕੈਮਿਸਟ ਦੁਕਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸੂਚੀ ਸਿਹਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ। ਸਿਹਤ ਵਿਭਾਗ ਨੂੰ ਇਨ੍ਹਾਂ ਦੁਕਾਨਾਂ ਦੀ ਢੁੱਕਵੀਂ ਜਾਂਚ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਐੱਸ.ਐੱਸ.ਪੀ. ਡਾ. ਬੈਂਸ ਨੇ ਦੱਸਿਆ ਕਿ ਜੁਲਾਈ 2026 ਦੌਰਾਨ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ 48 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 98 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਨਸ਼ਿਆਂ ਦੇ ਕਾਰੋਬਾਰ 'ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਵੀ ਚਲਾਏ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪ੍ਰਸਿੱਧ ਕਾਰਟੂਨ ਪਾਤਰਾਂ ਨੂੰ ਐਨੀਮੇਟਡ ਰੂਪ ਵਿੱਚ ਵਰਤ ਕੇ ਵੀ ਨਸ਼ਾ ਵਿਰੋਧੀ ਸੰਦੇਸ਼ ਪ੍ਰਸਾਰਿਤ ਕੀਤਾ ਜਾਵੇ। ਉਨ੍ਹਾਂ ਪੁਲਿਸ ਨੂੰ ਸਕੂਲਾਂ ਅਤੇ ਕਾਲਜਾਂ ਦੇ ਆਸ-ਪਾਸ ਸਥਿਤ ਦੁਕਾਨਾਂ ਦੀ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ 'ਤੇ ਵੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ 30 ਕੇਂਦਰਾਂ ਨਾਲ ਲਗਭਗ 800 ਖਿਡਾਰੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 184 ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿੱਥੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਐਨਜੀਓਜ਼ ਅਤੇ ਕੋਚਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ 27 ਖੇਤਰਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਵੀ ਚਲਾਈਆਂ ਜਾਣਗੀਆਂ। ਐੱਸਐੱਸਪੀ ਨੇ ਕਿਹਾ ਕਿ ਇਨ੍ਹਾਂ ਸਾਰੇ ਸਥਾਨਾਂ 'ਤੇ ਪੁਲਿਸ, ਰੇਲਵੇ, ਫੌਜ ਆਦਿ ਦੀਆਂ ਸਰਕਾਰੀ ਭਰਤੀਆਂ ਸਬੰਧੀ ਜਾਣਕਾਰੀ ਲਈ ਵਿਸ਼ੇਸ਼ ਬੋਰਡ ਵੀ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ 'ਤੇ ਕਰਵਾਈਆਂ ਜਾਣ ਵਾਲੀਆਂ ਜਾਗਰੂਕਤਾ ਮੁਹਿੰਮਾਂ ਦਾ ਢੁੱਕਵਾਂ ਦਸਤਾਵੇਜ਼ੀਕਰਨ ਕੀਤਾ ਜਾਵੇ। ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਮਰੀਜ਼ਾਂ ਨਾਲ ਕੀਤੀਆਂ ਗਈਆਂ ਕਾਊਂਸਲਿੰਗ ਸੈਸ਼ਨਾਂ ਸਬੰਧੀ ਅੰਕੜੇ ਵੀ ਪੇਸ਼ ਕੀਤੇ ਗਏ।
ਇਸ ਮੌਕੇ ਜਨਰਲ ਅਸਿਸਟੈਂਟ ਗੁਰਜਿੰਦਰ ਪਾਲ ਸਿੰਘ, ਜ਼ਿਲ੍ਹਾ ਅਟਾਰਨੀ ਦਲਜੀਤ, ਡੀਐੱਸਪੀ ਕਰਮਜੀਤ ਸਿੰਘ ਸੰਧਾਵਾਲੀਆ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਪਾਲ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
*****