ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭੇਟ ਕੀਤੀ ਸ਼ਰਧਾਂਜਲੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 31 ਜੁਲਾਈ: ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਅਤੇ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਵਾਈਸ ਚੇਅਰਮੈਨ ਲਾਲ ਸਿੰਘ ਧੰਜੂ ਨੇ ਆਪਣੇ ਸਾਥੀਆਂ ਸਮੇਤ ਸ਼ਰਧਾ ਅਤੇ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਹਾਰ ਪਾ ਕੇ ਨਮਨ ਕੀਤਾ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਚੇਅਰਮੈਨ ਲਾਭ ਸਿੰਘ ਧੰਜੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼-ਪ੍ਰੇਮ, ਹਿੰਮਤ ਅਤੇ ਕੁਰਬਾਨੀ ਦਾ ਸੰਦੇਸ਼ ਦਿੰਦਾ ਰਹੇਗਾ। ਇਸ ਮੌਕੇ ਜਸਪਾਲ ਸਿੰਘ ਸਰਪੰਚ ਫੱਤੋਂਵਾਲ , ਗੁਰਦੇਵ ਸਿੰਘ ਪੱਪਾ ਸਰਪੰਚ ਅਤੇ ਹਾਜ਼ਰ ਸਮੂਹ ਸਾਥੀਆਂ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਕਲਪ ਲਿਆ।