ਪ੍ਰਧਾਨ ਕੁਲਵੰਤ ਰਾਏ ਸਿੰਗਲਾ
ਦੀਦਾਰ ਗੁਰਨਾ
ਮਾਨਸਾ 2 ਅਗਸਤ 2026 : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ , ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ 2 ਅਗਸਤ ਨੂੰ ਮਾਨਸਾ ਪਹੁੰਚ ਰਹੇ ਹਨ। ਉਹ “ਹਰ ਬੂਥ ਮਜ਼ਬੂਤ ਕਾਂਗਰਸ”ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਕ ਰਣਨੀਤੀ ਨੂੰ ਅੰਤਿਮ ਰੂਪ ਦੇਣਗੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਇਹ ਅਹਿਮ ਮੀਟਿੰਗ 2 ਅਗਸਤ ਨੂੰ ਦੁਪਹਿਰ 2:30 ਵਜੇ ਗੋਲਡਨ ਪਾਮ, ਪਿੰਡ ਤਾਮਕੋਟ, ਬਰਨਾਲਾ ਰੋਡ, ਮਾਨਸਾ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵੜੇ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ, ਜਿਸ ਨਾਲ ਇਸ ਇਕੱਠ ਨੂੰ ਹੋਰ ਵੀ ਮਹੱਤਵ ਮਿਲੇਗਾ। ਸਿੰਗਲਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁੱਦੇਦਾਰਾਂ, 2022 ਦੇ ਵਿਧਾਨ ਸਭਾ ਉਮੀਦਵਾਰਾਂ, ਬਲਾਕ ਕਾਂਗਰਸ ਕਮੇਟੀਆਂ ਦੇ ਅਹੁੱਦੇਦਾਰਾਂ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ, ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਬੀ.ਐਲ.ਏ.-1 ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ।
ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਮਜ਼ਬੂਤ ਕਰਨਾ, ਹਰ ਬੂਥ ’ਤੇ ਸਰਗਰਮ ਟੀਮਾਂ ਤਿਆਰ ਕਰਨਾ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਕੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਬੂਥ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਜਿੱਥੇ ਸੰਗਠਨ ਕਮਜ਼ੋਰ ਹੈ, ਉੱਥੇ ਨਵੀਂ ਰਣਨੀਤੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵਰਕਰਾਂ ਨੂੰ ਚੋਣੀ ਤਿਆਰੀਆਂ ਲਈ ਵੀ ਤਿਆਰ ਕੀਤਾ ਜਾਵੇਗਾ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦਾ ਸਪੱਸ਼ਟ ਟੀਚਾ ਹੈ ਕਿ ਸੰਗਠਨ ਨੂੰ ਹੇਠਲੇ ਪੱਧਰ ਤੋਂ ਮੁੜ ਮਜ਼ਬੂਤ ਕੀਤਾ ਜਾਵੇ ਅਤੇ ਹਰ ਬੂਥ ’ਤੇ ਸਰਗਰਮ ਟੀਮਾਂ ਖੜ੍ਹੀਆਂ ਕੀਤੀਆਂ ਜਾਣ।
ਉਨ੍ਹਾਂ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਪਾਰਟੀ ਦੀ ਤਾਕਤ ਉਸਦੇ ਵਰਕਰ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਤੋਂ ਬਿਨਾਂ ਚੋਣੀ ਜਿੱਤ ਸੰਭਵ ਨਹੀਂ , ਇਸ ਲਈ “ਹਰ ਬੂਥ ਮਜ਼ਬੂਤ ਕਾਂਗਰਸ”ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਗੰਭੀਰਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੀਟਿੰਗ ਸਿਰਫ਼ ਸੰਗਠਨਕ ਸਮੀਖਿਆ ਤੱਕ ਸੀਮਤ ਨਹੀਂ ਰਹੇਗੀ, ਸਗੋਂ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਤੋਂ ਸੁਝਾਅ ਵੀ ਲਏ ਜਾਣਗੇ, ਤਾਂ ਜੋ ਲੋਕਾਂ ਨਾਲ ਪਾਰਟੀ ਦਾ ਸਿੱਧਾ ਸੰਪਰਕ ਹੋਰ ਮਜ਼ਬੂਤ ਬਣਾਇਆ ਜਾ ਸਕੇ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਅਤੇ ਬੂਥ ਪੱਧਰ ’ਤੇ ਮਜ਼ਬੂਤ ਸੰਗਠਨ ਖੜ੍ਹਾ ਕਰਕੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜ਼ਬੂਤ ਸਥਿਤੀ ਵਿੱਚ ਲਿਆਂਦਾ ਜਾ ਸਕਦਾ ਹੈ। ਸਿੰਗਲਾ ਨੇ ਦਾਅਵਾ ਕੀਤਾ ਕਿ ਸੀਨੀਅਰ ਲੀਡਰਸ਼ਿਪ ਦੀ ਇਹ ਫੇਰੀ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗੀ ਅਤੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸ ਦੀ ਚੋਣੀ ਮੁਹਿੰਮ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਰਾਹ ਬੂਥ ਪੱਧਰ ਤੋਂ ਹੀ ਤਿਆਰ ਹੋਵੇਗਾ ਅਤੇ ਇਹ ਸੰਪਰਕ ਮੁਹਿੰਮ ਪਾਰਟੀ ਨੂੰ ਲੋਕਾਂ ਦਾ ਭਰੋਸਾ ਮੁੜ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਏਗੀ