ਰਾਤ ਸਮੇਂ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 10 ਅਗਸਤ 2026 : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ , ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ, ਪੈਟਰੋਲਿੰਗ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ , ਪੁਲਿਸ ਟੀਮਾਂ ਵੱਲੋਂ ਮੁੱਖ ਸੜਕਾਂ, ਮਹੱਤਵਪੂਰਨ ਸਥਾਨਾਂ ਅਤੇ ਆਵਾਜਾਈ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ , ਇਸ ਦੌਰਾਨ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਜਾਇਜ਼ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ
ਐਸਐਸਪੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਆਜ਼ਾਦੀ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਹਰ ਪੱਧਰ ’ਤੇ ਚੌਕਸੀ ਵਰਤੀ ਜਾ ਰਹੀ ਹੈ
ਪਟਿਆਲਾ ਪੁਲਿਸ ਵੱਲੋਂ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੇ ਜਾਇਜ਼ ਦਸਤਾਵੇਜ਼ ਆਪਣੇ ਨਾਲ ਰੱਖਣ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੂਰਾ ਸਹਿਯੋਗ ਦੇਣ। ਪੁਲਿਸ ਨੇ ਕਿਹਾ ਕਿ ਇਹ ਸੁਰੱਖਿਆ ਪ੍ਰਬੰਧ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ ਅਤੇ ਹਰ ਨਾਗਰਿਕ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ
ਪੁਲਿਸ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਵਾਹਨ ਨਜ਼ਰ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੀ ਚੌਕਸੀ ਲਗਾਤਾਰ ਜਾਰੀ ਰਹੇਗੀ