ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 11 ਅਗਸਤ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਗੱਤਕਾ ਕੋਚ ਤਲਵਿੰਦਰ ਸਿੰਘ ਨੇ ਲਾਤਵੀਆ ਵਿਖੇ 28 ਜੁਲਾਈ ਤੋਂ 4 ਅਗਸਤ 2026 ਤੱਕ ਕਰਵਾਏ ਗਏ ਲਿਪਾ ਕੁਸਟ ਇੰਟਰਨੈਸ਼ਨਲ ਕਲਚਰ ਫੈਸਟੀਵਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ , ਉਨ੍ਹਾਂ ਦੇ ਨਾਲ ਗੱਤਕਾ ਖਿਡਾਰੀ ਲਵਵੀਰ ਸਿੰਘ ਨੇ ਵੀ ਭਾਗ ਲਿਆ
ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਵਿੱਚ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਨੇ ਆਪਣੇ ਦੇਸ਼ਾਂ ਦੀ ਕਲਾ, ਸੱਭਿਆਚਾਰ ਅਤੇ ਵਿਰਾਸਤ ਨੂੰ ਪੇਸ਼ ਕੀਤਾ , ਭਾਰਤੀ ਟੀਮ ਵੱਲੋਂ ਗੱਤਕੇ ਦੇ ਜੌਹਰ ਦਿਖਾਉਣ ਦੇ ਨਾਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਵੀ ਵਿਦੇਸ਼ੀ ਧਰਤੀ ’ਤੇ ਪੇਸ਼ ਕੀਤਾ ਗਿਆ , ਲੋਕ ਨਾਚ ਸੋਸਾਇਟੀ, ਪਟਿਆਲਾ ਦੇ ਡਾਇਰੈਕਟਰ ਰਵੀ ਕੂਨਰ ਅਤੇ ਢੋਲ ਉਸਤਾਦ ਰਾਜ ਕੁਮਾਰ ਦੀ ਅਗਵਾਈ ਹੇਠ ਭੰਗੜੇ ਅਤੇ ਪੰਜਾਬੀ ਲੋਕ ਸਾਜ਼ਾਂ ਦੀ ਪੇਸ਼ਕਾਰੀ ਵੀ ਕੀਤੀ ਗਈ , ਭਾਰਤੀ ਟੀਮ ਦੇ ਕੁੱਲ 12 ਮੈਂਬਰਾਂ ਨੇ ਭਾਗ ਲਿਆ ਅਤੇ ਪ੍ਰਬੰਧਕਾਂ ਵੱਲੋਂ ਸਮੁੱਚੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਇਸ ਉਪਲਬਧੀ ’ਤੇ ਵਾਈਸ ਚਾਂਸਲਰ ਪ੍ਰੋ. ਡਾ. ਪ੍ਰਿਤਪਾਲ ਸਿੰਘ ਨੇ ਤਲਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ , ਸਰੀਰਕ ਸਿੱਖਿਆ ਅਤੇ ਖੇਡ ਟੈਕਨੋਲੋਜੀ ਵਿਭਾਗ ਦੇ ਮੁਖੀ ਪ੍ਰੋ. ਡਾ. ਵਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਸਾਲ 2019 ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਕ ਸਾਲਾ ਡਿਪਲੋਮਾ ਇਨ ਗੱਤਕਾ ਕੋਚਿੰਗ ਕੋਰਸ ਚਲਾਇਆ ਜਾ ਰਿਹਾ ਹੈ , ਜ਼ਿਕਰਯੋਗ ਹੈ ਕਿ ਤਲਵਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਦੁਨੀਆ ਦੇ 12 ਵੱਖ-ਵੱਖ ਦੇਸ਼ਾਂ ਵਿੱਚ ਗੱਤਕੇ ਦੀ ਪੇਸ਼ਕਾਰੀ ਕਰ ਚੁੱਕੇ ਹਨ
