ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹੇ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2026 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਦੇ ਨੇੜੇ ਕਿਰਚ ਨਾਲ ਹੋਏ ਹਮਲੇ ਦੀ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ । ਇਸ ਮੌਕੇ ਸਾਬਕਾ ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਇੰਚਾਰਜ ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ , ਸੀਨੀਅਰ ਅਕਾਲੀ ਆਗੂ ਬਲਕਾਰ ਸਿੰਘ ਬਰਾੜ, ਸੀਨੀਅਰ ਨੇਤਾ ਮੋਹਿਤ ਗੁਪਤਾ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਜ਼ਿਲ੍ਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਪੀਏਸੀ ਮੈਂਬਰ ਦਲਜੀਤ ਸਿੰਘ ਬਰਾੜ, ਪੀਏਸੀ ਮੈਂਬਰ ਨਿਰਮਲ ਸਿੰਘ ਸੰਧੂ ਡਾਕਟਰ ਓਮ ਪ੍ਰਕਾਸ਼ ਸ਼ਰਮਾ ਮੀਡੀਆ ਸਲਾਹਕਾਰ, ਮੁੱਖ ਬੁਲਾਰਾ ਚਮਕੌਰ ਸਿੰਘ ਮਾਨ ਨੇ ਸਾਂਝੇ ਬਿਆਨ ਵਿੱਚ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ।
ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਇਹ ਹਮਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਨਹੀਂ, ਸਗੋਂ ਸਮੂਹ ਸਿੱਖ ਪੰਥ ਦੀ ਆਂ ਭਾਵਨਾਵਾਂ ਅਤੇ ਅਸਮਿਤਾ ’ਤੇ ਕੀਤਾ ਗਿਆ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਮੌਜੂਦ ਹਮਲਾਵਰ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ ਹੈ, ਪਰ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ।ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਮਲਾਵਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਇਸ ਹਮਲੇ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਅਤੇ ਸੰਭਾਵਿਤ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜੀ ਵਾਰ ਹਮਲਾ ਹੋਣਾ ਸੁਰੱਖਿਆ ਪ੍ਰਬੰਧਾਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਆਗੂਆਂ ਨੇ ਕਿਹਾ ਕਿ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।