DC ਮਾਨਸਾ ਨਵਜੋਤ ਕੌਰ ਦੀ ਅਗਵਾਈ ਹੇਠ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-4 ਦੀ ਮਸ਼ਾਲ ਦਾ ਸਵਾਗਤ
* ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਚੁਸ਼ਪਿੰਦਰਬੀਰ ਸਿੰਘ, ਓਲੰਪੀਅਨ ਸਵਰਨ ਸਿੰਘ ਵਿਰਕ ਵੀ ਹੋਏ ਸ਼ਾਮਲ
* ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਨਸ਼ਿਆਂ ਦਾ ਕੋਹੜ ਖ਼ਤਮ ਕਰਨਾ ਅਤੇ ਨਰੋਏ ਸਮਾਜ ਦਾ ਨਿਰਮਾਣ ਕਰਨਾ ਸਾਡਾ ਮੁੱਖ ਟੀਚਾ: ਡਿਪਟੀ ਕਮਿਸ਼ਨਰ
* ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੀ ਅਪੀਲ
ਅਸ਼ੋਕ ਵਰਮਾ
ਮਾਨਸਾ, 13 ਅਗਸਤ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਤਹਿਤ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਸ਼ਾਲ ਮਾਰਚ ਦਾ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਅਤੇ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਚੁਸ਼ਪਿੰਦਰਬੀਰ ਸਿੰਘ, ਓਲੰਪੀਅਨ ਸਵਰਨ ਸਿੰਘ ਵਿਰਕ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ, ਸਿਆਸੀ ਆਗੂਆਂ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਵੀ ਮਸ਼ਾਲ ਦਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇੱਥੇ ਪਹੁੰਚਣ 'ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਖਿਡਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਇੱਕ ਵੱਡਾ ਮੰਚ ਹਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਇੱਕ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਚੁਸ਼ਪਿੰਦਰਬੀਰ ਸਿੰਘ ਨੇ ਕਿਹਾ ਕਿ ਇਹ ਸਾਡੇ ਹੋਣਹਾਰ ਖਿਡਾਰੀਆਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿੱਥੇ ਉਹ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦੌਰਾਨ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਜਿਸ ਜੋਸ਼ ਨਾਲ ਹਿੱਸਾ ਲੈ ਕੇ ਆਪਣੇ ਹੁਨਰ ਦਾ ਲੋਹਾ ਮਨਵਾਇਆ ਸੀ, ਇਸ ਵਾਰ ਉਸ ਤੋਂ ਵੀ ਵੱਧ ਉਤਸ਼ਾਹ ਨਾਲ ਹਿੱਸਾ ਲੈਣ ਦੀ ਲੋੜ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਘਰ-ਘਰ ਪਹੁੰਚਾਉਣ ਦੇ ਲਏ ਗਏ ਸੁਪਨੇ ਨੂੰ ਜ਼ਿਲ੍ਹਾ ਮਾਨਸਾ ਵਿੱਚ ਜੋਸ਼ੋ-ਖਰੋਸ਼ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਖੇਡ ਵਿਭਾਗ ਦੇ ਕੋਚ ਅਤੇ ਵੱਡੀ ਗਿਣਤੀ 'ਚ ਖਿਡਾਰੀ ਹਾਜ਼ਰ ਸਨ।