ਸਿਵਲ ਸਰਜਨ ਬਠਿੰਡਾ ਵੱਲੋਂ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 27 ਜੁਲਾਈ 2026 :ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਦੀ ਸਮੀਖਿਆ ਸਬੰਧੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਸਾਫ਼-ਸਫ਼ਾਈ, ਦਵਾਈਆਂ ਦੀ ਉਪਲਬਧਤਾ, ਲੈਬ ਸੇਵਾਵਾਂ , ਟੀਕਾਕਰਨ, ਮਾਤਾ ਅਤੇ ਬਾਲ ਸਿਹਤ ਸੇਵਾਵਾਂ , ਗੈਰ-ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਅਤੇ ਹੋਰ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਮੌਨਸੂਨ ਦੇ ਮੱਦੇਨਜ਼ਰ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ, ਫੀਵਰ ਸਰਵੇਲੈਂਸ ਨੂੰ ਮਜ਼ਬੂਤ ਕਰਨ ਅਤੇ ਹਰ ਸ਼ੁੱਕਰਵਾਰ "ਡੇਂਗੂ ਤੇ ਵਾਰ" ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੀ ਨਿਯਮਿਤ ਨਿਗਰਾਨੀ ਕਰਨ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਅਤੇ ਸਾਰੇ ਸੂਚਕਾਂ ਵਿੱਚ ਬਿਹਤਰ ਕਾਰਗੁਜ਼ਾਰੀ ਯਕੀਨੀ ਬਣਾਉਣ । ਮੀਟਿੰਗ ਵਿੱਚ ਹਾਜ਼ਰ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪਣੇ-ਆਪਣੇ ਬਲਾਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਸਿਵਲ ਸਰਜਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਦਾ ਭਰੋਸਾ ਦਿਵਾਇਆ।