ਕਾਲਜ ਵਿਖੇ ਗੁਰਮਤਿ ਸਮਾਗਮ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਉੱਘੇ ਸਮਾਜ ਸੇਵੀ ਸ੍ਰ. ਬਲਜੀਤ ਸਿੰਘ ਭੁੱਟਾ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 15 ਅਗਸਤ 2026 :ਮਾਤਾ ਗੁਜਰੀ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਸਮੂਹਿਕ ਪਾਠ ਸ਼ਰਧਾ ਭਾਵਨਾ ਨਾਲ ਕੀਤੇ ਗਏ। ਇਸ ਗੁਰਮਤਿ ਸਮਾਗਮ ਵਿੱਚ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਬਾਡੀ ਦੇ ਮੈਂਬਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸ੍ਰ. ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸ੍ਰ. ਭੁੱਟਾ ਨੇ ਜਿੱਥੇ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ, ਉਥੇ ਨਾਲ ਹੀ ਕਾਲਜ ਦੀ ਪ੍ਰਬੰਧਕੀ ਟੀਮ ਵੱਲੋਂ ਨਵੇਂ ਅਕਾਦਮਿਕ ਵਰ੍ਹੇ ਲਈ ਕੀਤੇ ਗਏ ਉਸਾਰੂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਾਲਜ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਗੁਰੂ ਸਾਹਿਬਾਨ, ਮਾਤਾ ਗੁਜਰੀ ਜੀ ਅਤੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਗੌਰਵਮਈ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਸਹੀ ਜੀਵਨ ਜਾਚ ਸਿੱਖ ਸਕਣ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰ ਸਕਣ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਵਿਖੇ ਹੋਣ ਵਾਲੀਆਂ ਧਾਰਮਿਕ ਗਤੀਵਿਧੀਆਂ ਵਿਦਿਆਰਥੀਆਂ ਦੀ ਅਧਿਆਤਮਕ ਉੱਨਤੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ
ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਮਾਤਾ ਗੁਜਰੀ ਸਟੱਡੀ ਸਰਕਲ, ਐਨ.ਐਸ.ਐਸ. ਅਤੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਜਿਸ ਵਿੱਚ ਉਨ੍ਹਾਂ ਨੇ ਲੰਗਰ ਵਰਤਾਉਣ ਅਤੇ ਭਾਂਡਿਆਂ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ। ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਇਲਾਹੀ ਕੀਰਤਨ ਕਰਕੇ ਅਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਸਮਾਗਮ ਦੀ ਪ੍ਰੈੱਸ ਕਵਰੇਜ ਕਰਕੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਜਗਦੀਸ਼ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਦਵਿੰਦਰ ਸਿੰਘ, ਡਾ. ਸੀਮਾ ਰਾਣੀ, ਡਾ. ਜੁਝਾਰ ਸਿੰਘ, ਪ੍ਰੋ. ਹਰਭਿੰਦਰ ਸਿੰਘ, ਡਾ. ਗਗਨਦੀਪ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਗੁਣਪ੍ਰੀਤ ਸਿੰਘ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ