ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 17 ਅਗਸਤ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਜਿਲ੍ਹੇ ਦੇ ਪਿੰਡ ਨੂਰਪੁਰਾ,ਅਮਲੋਹ ਤੇ ਮੰਡੀ ਗੋਬਿੰਦਗੜ੍ਹ ਤੋਂ ਹੁੰਦੀ ਹੋਈ ਫਤਹਿਗੜ੍ਹ ਸਾਹਿਬ ਵਿਖੇ ਪੁੱਜੀ, ਇਹ ਮਸ਼ਾਲ ਮਾਰਚ 18 ਅਗਸਤ ਨੂੰ ਐਸ.ਏ.ਐਸ.ਨਗਰ(ਮੋਹਾਲੀ) ਲਈ ਰਵਾਨਾ ਹੋਵੇਗੀ
ਟਾਰਚ ਰੈਲੀ ਦਾ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਭਰਵਾਂ ਸਵਾਗਤ ਕੀਤਾ , ਵਿਧਾਇਕ ਰਾਏ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ’ ਨਾਲ ‘ਖੇਡਦਾ ਪੰਜਾਬ, ਹੱਸਦਾ ਪੰਜਾਬ’ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਖੇਡਾਂ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ
ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਦੌਰਾਨ ਹਜ਼ਾਰਾਂ ਖਿਡਾਰੀਆਂ ਨੇ ਹਿੱਸਾ ਲਿਆ ਸੀ, ਪਰ ਅੱਜ ਇਹ ਖੇਡ ਮਹਾਂਕੁੰਭ ਇੱਕ ਵੱਡਾ ਖੇਡ ਮੰਚ ਬਣ ਚੁੱਕਾ ਹੈ ਅਤੇ ਹਰ ਸਾਲ 04 ਲੱਖ ਤੋਂ ਵੱਧ ਖਿਡਾਰੀ ਇਸ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਧ ਰਹੀ ਭਾਗੀਦਾਰੀ ਪੰਜਾਬ ਵਿੱਚ ਖੇਡਾਂ ਪ੍ਰਤੀ ਨੌਜਵਾਨਾਂ ਦੇ ਵਧਦੇ ਉਤਸ਼ਾਹ ਅਤੇ ਪੰਜਾਬ ਸਰਕਾਰ ਦੀਆਂ ਖੇਡ ਪੱਖੀ ਨੀਤੀਆਂ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸੰਗਰੂਰ ਤੋਂ ਸ਼ੁਰੂ ਹੋਇਆ ਇਹ ਮਸ਼ਾਲ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ ਖੇਡਾਂ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਮਸ਼ਾਲ ਸਿਰਫ਼ ਇੱਕ ਖੇਡ ਸਮਾਗਮ ਦੀ ਨਿਸ਼ਾਨੀ ਨਹੀਂ, ਸਗੋਂ ਇਹ ਨੌਜਵਾਨਾਂ ਵਿੱਚ ਜਜ਼ਬੇ, ਜਨੂਨ, ਏਕਤਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਜੋਤ ਜਗਾਉਣ ਦਾ ਪ੍ਰਤੀਕ ਹੈ
ਉਨ੍ਹਾਂ ਆਸ ਪ੍ਰਗਟਾਈ ਕਿ ਇਹਨਾਂ ਖੇਡਾਂ ਦੇ ਮੌਜੂਦਾ ਸੀਜ਼ਨ ਦੌਰਾਨ ਪਿਛਲੇ ਸਾਰੇ ਰਿਕਾਰਡ ਪਾਰ ਕਰਦਿਆਂ ਹੋਰ ਵੀ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈਣਗੇ ਅਤੇ ਪੰਜਾਬ ਦੇ ਖੇਡ ਮੈਦਾਨਾਂ ਵਿੱਚੋਂ ਭਵਿੱਖ ਦੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਚੈਂਪੀਅਨ ਤਿਆਰ ਹੋਣਗੇ