ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਨਵੇਂ ਰੂਟਾਂ ਲਈ ਚਾਰ ਬੱਸਾਂ ਰਵਾਨਾ
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਿਖਾਈ ਹਰੀ ਝੰਡੀ
ਅਸ਼ੋਕ ਵਰਮਾ
ਬਠਿੰਡਾ, 18 ਅਗਸਤ 2026: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਦੀ ਸ਼ੁਰੂਆਤ ਕੀਤੀ ਗਈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਚਾਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਦੋ ਬੱਸਾਂ ਹਰਿਦੁਆਰ-ਰਿਸ਼ੀਕੇਸ਼, ਇੱਕ ਬੱਸ ਸ੍ਰੀ ਸਾਲਾਸਰ ਬਾਲਾਜੀ ਧਾਮ-ਸ੍ਰੀ ਖਾਟੂ ਸ਼ਿਆਮ ਜੀ ਅਤੇ ਇੱਕ ਬੱਸ ਸ੍ਰੀ ਵਰਿੰਦਾਵਨ-ਮਥੁਰਾ ਦੇ ਦਰਸ਼ਨਾਂ ਲਈ ਰਵਾਨਾ ਹੋਈ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਸੁਖਾਲਾ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪ੍ਰਮੁੱਖ ਤੀਰਥ ਸਥਾਨਾਂ ਦੀ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਤੀਰਥ ਯਾਤਰਾ ਲਈ ਰਵਾਨਾ ਹੋਏ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਜਾਰੀ ਰੱਖਣ ਦੀ ਉਮੀਦ ਪ੍ਰਗਟਾਈ। ਮੇਅਰ ਨੇ ਰਵਾਨਗੀ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸੰਗਤਾਂ ਦੀ ਸੁਵਿਧਾ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਚੇਅਰਮੈਨ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਚੇਅਰਮੈਨ ਸ੍ਰੀ ਅਮਰਦੀਪ ਸਿੰਘ ਰਾਜਨ, ਕੌਂਸਲਰ ਸ੍ਰੀ ਉਮੇਸ਼ ਗਰਗ, ਕੌਂਸਲਰ ਸ੍ਰੀ ਮੁਨੀਸ਼ ਕੁਮਾਰ ਡਿੰਪੀ ਬਾਘਲਾ, ਕੌਂਸਲਰ ਸ੍ਰੀ ਸੁਖਦੇਵ ਸਿੰਘ, ਕੌਂਸਲਰ ਸ੍ਰੀ ਸੰਜੀਵ ਕੁਮਾਰ ਸੋਨੀ ਪ੍ਰਧਾਨ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।