ਐਡਵੋਕੇਟ ਗੁਰਲਾਭ ਸਿੰਘ ਮਾਹਲ ਵੱਲੋਂ ਡਰੋਨ ਸਰਵੇ ਬਾਰੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਪ੍ਰਸ਼ਾਸਨ ਦੀ ਸੁਸਤ ਕਾਰਗੁਜ਼ਾਰੀ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ/ਮਾਨਸਾ, 20 ਅਗਸਤ 2026 :ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੋ ਰਹੇ ਡਰੋਨ ਸਰਵੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਰਵੇ ਸਰਕਾਰ ਵੱਲੋਂ ਮਾਸਟਰ ਪਲਾਨ ਤਿਆਰ ਕਰਨ ਲਈ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਡਰੋਨਾਂ ਰਾਹੀਂ ਸਰਵੇ ਕਰਨ ਦੀ ਰਸਮੀ ਪ੍ਰਵਾਨਗੀ 24 ਜੂਨ 2026 ਅਤੇ 26 ਜੂਨ 2026 ਨੂੰ ਜਾਰੀ ਕੀਤੇ ਗਏ ਸਰਕਾਰੀ ਪੱਤਰਾਂ ਰਾਹੀਂ ਦਿੱਤੀ ਗਈ ਸੀ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਫੈਲੀਆਂ ਬੇਬੁਨਿਆਦ ਅਫ਼ਵਾਹਾਂ ਕਾਰਨ ਸਥਾਨਕ ਲੋਕਾਂ ਵਿੱਚ ਇਹ ਖਦਸ਼ਾ ਪੈਦਾ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਕਿਸੇ ਕਾਰਪੋਰੇਟ ਘਰਾਣੇ ਨੂੰ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਲਬਧ ਸਰਕਾਰੀ ਪੱਤਰਾਂ ਅਨੁਸਾਰ ਇਹ ਡਰੋਨ ਸਰਵੇ ਇਲਾਕੇ ਦੇ ਵਿਕਾਸ ਅਤੇ ਮਾਸਟਰ ਪਲਾਨ ਤਿਆਰ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਜ਼ਮੀਨਾਂ ਖੋਹਣ ਜਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਸਬੰਧੀ ਫੈਲਾਈਆਂ ਜਾ ਰਹੀਆਂ ਖ਼ਬਰਾਂ ਬੇਬੁਨਿਆਦ ਹਨ।
ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਸਹੀ ਤੱਥ ਲੋਕਾਂ ਸਾਹਮਣੇ ਨਾ ਰੱਖਣ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਸ਼ੁਰੂ ਵਿੱਚ ਹੀ ਸਥਿਤੀ ਸਪੱਸ਼ਟ ਕਰ ਦਿੱਤੀ ਜਾਂਦੀ ਤਾਂ ਲੋਕਾਂ ਵਿੱਚ ਬੇਲੋੜਾ ਡਰ ਅਤੇ ਭੰਬਲਭੂਸਾ ਪੈਦਾ ਨਾ ਹੁੰਦਾ। ਉਨ੍ਹਾਂ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਆਪਸੀ ਤਾਲਮੇਲ ਦੀ ਘਾਟ ਨੂੰ ਵੀ ਚਿੰਤਾਜਨਕ ਦੱਸਿਆ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਖ਼ਬਰ ’ਤੇ ਭਾਵੁਕ ਹੋ ਕੇ ਤੁਰੰਤ ਵਿਸ਼ਵਾਸ ਨਾ ਕਰਨ। ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਜਾਂ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਉਸ ਦੇ ਸਰੋਤ ਅਤੇ ਸੱਚਾਈ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਬਿਨਾਂ ਪੜਤਾਲ ਤੋਂ ਗੁੰਮਰਾਹਕੁੰਨ ਜਾਣਕਾਰੀ ਸਾਂਝੀ ਕਰਨਾ ਲੋਕਾਂ ਵਿੱਚ ਬੇਲੋੜਾ ਡਰ ਅਤੇ ਭੰਬਲਭੂਸਾ ਪੈਦਾ ਕਰ ਸਕਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਕੋਈ ਜਾਣਕਾਰੀ ਅੱਗੇ ਭੇਜੇ।