ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਆਪਣੇ ਮਸਲਿਆਂ ਸਬੰਧੀ ਡੀਸੀ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ
ਅਸ਼ੋਕ ਵਰਮਾ
ਬਰਨਾਲਾ, 25 ਅਗਸਤ 2026: ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਵਫ਼ਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਨੂੰ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਵਫ਼ਦ ਸ਼ਾਮਲ ਆਗੂਆਂ ਯੂਨੀਅਨ ਸੰਦੀਪ ਕੌਰ, ਗੁਰਜੀਤ ਸਿੰਘ, ਅਰੁਣ ਕੁਮਾਰ, ਵਿਸ਼ਾਲ ਗਰਗ, ਮੈਡਮ ਰਿੰਮੀ, ਮੰਜੂ ਬਾਲਾ, ਮਨਜੀਤ ਸਿੰਘ, ਰਵਿੰਦਰ ਸਿੰਘ, ਸੀਮਾ ਗੁਪਤਾ ਤੇ ਸੁਖਵਿੰਦਰ ਕੌਰਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਹੱਕੀ ਮੰਗਾ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਦੱਸਿਆ ਕਿ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਐਨ.ਸੀ.ਡੀ., ਟੀ.ਬੀ., ਏ.ਬੀ.ਡੀ.ਐਮ. ਅਤੇ ਹੋਰ ਸਿਹਤ ਸੇਵਾਵਾਂ ਵਿੱਚ ਲਗਾਤਾਰ ਆਪਣੀਆਂ ਪੁਖਤਾ ਢੰਗ ਨਾਲ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ।
ਮੰਗ ਪੱਤਰ ਰਾਹੀਂ ਉਨ੍ਹਾਂ ਬਰਾਬਰ ਕੰਮ ਬਰਾਬਰ ਤਨਖਾਹ, ਲੋਇਲਟੀ ਬੋਨਸ, ਰੈਗੂਲਰਾਈਜ਼ੇਸ਼ਨ, ਤਨਖਾਹਾਂ ਵਿੱਚ ਵਾਜਬ ਵਾਧਾ, ਸੇਵਾ ਨਿਯਮਾਂ ਵਿੱਚ ਸੁਧਾਰ, ਸਾਲਾਨਾ ਵਾਧਾ, ਉਮਰ ਹੱਦ ਵਿੱਚ ਵਾਧਾ ਆਦਿ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਨੇਕਾਂ ਵਾਰ ਗੱਲਬਾਤ ਹੋ ਚੁੱਕੀ ਹੈ ਪ੍ਰੰਤੂ ਇਸ ਸਰਕਾਰ ਵੱਲੋਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਤੋਂ ਪੈਦਾ ਹੋਣ ਵਾਲੇ ਸਿੱਟਿਆਂ ਸਬੰਧੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।