ਸਰਕਾਰੀ ਕਾਲਜ ਰੋਪੜ ਵਿਖੇ ਭਾਰਤ ਦੀ ਵੰਡ ਦਾ ਦੁਖਾਂਤ ਸਬੰਧੀ ਕਰਵਾਇਆ ਗਿਆ ਸੈਮੀਨਾਰ
ਮਨਪ੍ਰੀਤ ਸਿੰਘ
ਰੂਪਨਗਰ 25 ਅਗਸਤ
ਸਰਕਾਰੀ ਕਾਲਜ ਰੋਪੜ ਵਿਖੇ ਭਾਰਤ ਦੀ ਵੰਡ ਦੌਰਾਨ ਵਾਪਰੀਆਂ ਦੁਖਦਾਈ ਘਟਨਾਵਾਂ ਨੂੰ ਯਾਦ ਕਰਨ ਅਤੇ ਵਿਦਿਆਰਥੀਆਂ ਵਿੱਚ ਇਤਿਹਾਸਕ ਘਟਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ।
ਇਹ ਸੈਮੀਨਾਰ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ। ਇਸ ਮੌਕੇ ਪ੍ਰੋ. ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਰਤ ਦੀ ਵੰਡ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ, ਮਨੁੱਖੀ ਪੀੜਾ ਅਤੇ ਇਸ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ, ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ ਗਈ।
ਇਸ ਗਤੀਵਿਧੀ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਵੰਡ ਦੀ ਤ੍ਰਾਸਦੀ, ਵਿਸਥਾਪਨ ਅਤੇ ਉਸ ਸਮੇਂ ਦੀ ਮਨੁੱਖੀ ਪੀੜਾ ਨੂੰ ਦਰਸਾਇਆ। ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੰਡ ਦੇ ਇਤਿਹਾਸਕ ਪਿਛੋਕੜ, ਇਸ ਦੇ ਪ੍ਰਭਾਵਾਂ ਅਤੇ ਇਸ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪ੍ਰੋ. ਗੁਰਮੱਖ ਸਿੰਘ, ਪ੍ਰੋ. ਮਨਜਿੰਦਰ ਸਿੰਘ, ਡਾ. ਹਰਮਨਦੀਪ ਸਿੰਘ, ਪ੍ਰੋ. ਚੰਦਰਗੁਪਤ ਅਤੇ ਪ੍ਰੋ. ਸੁਭਪ੍ਰੀਤ ਕੌਰ ਨੇ ਵੀ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਵੱਲੋਂ ਗਤੀਵਿਧੀਆਂ ਦੇ ਸੁਚੱਜੇ ਪ੍ਰਬੰਧ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਸਹਿਯੋਗ ਦਿੱਤਾ ਗਿਆ।
ਇਤਿਹਾਸ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਪ੍ਰੋ. ਹਰੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ, ਡਾ. ਧਰਮਿੰਦਰ ਸਿੰਘ, ਪ੍ਰੋ. ਸੁਰਿੰਦਰ ਸਿੰਘ, ਡਾ. ਰਾਜਵਿੰਦਰ ਸਿੰਘ ਅਤੇ ਵਿਦਿਆਰਥੀਆਂ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
ਸਮੁੱਚੇ ਤੌਰ ’ਤੇ ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਰਿਹਾ। ਇਸ ਰਾਹੀਂ ਵਿਦਿਆਰਥੀਆਂ ਨੂੰ ਇਤਿਹਾਸ ਦੀਆਂ ਦੁਖਦਾਈ ਘਟਨਾਵਾਂ ਤੋਂ ਸਿੱਖ ਲੈ ਕੇ ਸ਼ਾਂਤੀ, ਏਕਤਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।