ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਗਸਤ
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਕਰੀਅਰ ਮਾਰਗਦਰਸ਼ਨ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਵਾਤਾਵਰਣਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲੜੀ ਅਤੇ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰੰਗਲਾ ਦਾ ਵਿਸ਼ੇਸ਼ ਵਿਜ਼ਿਟ ਕੀਤਾ ਗਿਆ।
ਵਿਜ਼ਿਟ ਦੌਰਾਨ ਮੁਕੇਸ਼ ਵਰਮਾ ਨੇ ਸਕੂਲਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ, ਗਾਈਡੈਂਸ ਗਤੀਵਿਧੀਆਂ, ਗਾਈਡੈਂਸ ਕਾਰਨਰਾਂ ਦੀ ਕਾਰਗੁਜ਼ਾਰੀ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਗਤੀਵਿਧੀਆਂ ਨੂੰ ਸਿਰਫ਼ ਰਸਮੀ ਤੌਰ ’ਤੇ ਨਹੀਂ, ਸਗੋਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾਵੇ।
ਇਸ ਤੋਂ ਇਲਾਵਾ ‘ਇੱਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲੜੀ ਵਿਖੇ ਪੌਦਾ ਲਗਾਇਆ ਗਿਆ।
ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਦੋਰੰਗਲਾ ਹਰੀਸ਼ ਬਾਵਾ ਵੀ ਮੌਜੂਦ ਸਨ।