ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਖ-ਵੱਖ ਮੁੱਦਿਆਂ ਸਬੰਧੀ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 30 ਅਗਸਤ 2026 : ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜਮੀਨਾਂ ਦੀ ਮਾਲਕੀ ਬਣਾਉਣ ਅਤੇ ਕਿਸਾਨਾਂ ਮਜਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਨੇ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸੁਰੂ ਕਰ ਦਿੱਤਾ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ, ਜ਼ਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਸਾਡੇ ਦੇਸ਼ ਦੇ ਹਾਕਮ ਸਾਮਰਾਜ ਮੁਲਕਾਂ ਦੇ ਦਬਾਅ ਤਹਿਤ ਉਹਨਾਂ ਦੀਆਂ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ, (ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਅਦਾਰੇ ) ਆਦਿ ਜਨਤਕ ਅਦਾਰਿਆਂ ਸਮੇਤ ਦੇਸ਼ ਦੇ ਮਾਲ ਖਜਾਨੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਨਿਤ ਨਵੇਂ ਕਾਨੂੰਨ ਘੜ ਰਹੀਆਂ ਹਨ ਅਤੇ ਇਹਨਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸੁਖ ਸਹੂਲਤਾਂ ਦੇਣ ਦੀ ਬਜਾਏ ਉਹਨਾਂ ਦੀਆਂ ਘਰੇਲੂ, ਖੇਤੀ ਤੇ ਹੋਰ ਨਿੱਤ ਵਰਤੋਂ ਦੀਆਂ ਵਸਤਾਂ ਤੇ ਟੈਕਸ ਲਾ ਕੇ ਮਹਿੰਗਾਈ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਸਿਰ ਕਰਜੇ ਵੱਧ ਰਹੇ ਹਨ ਪਰ ਵੱਡੀਆਂ ਕੰਪਨੀਆਂ ਦੇ ਕਰਜੇ ਵੱਟੇ ਖਾਤੇ ਪਾਏ ਜਾ ਰਹੇ ਹਨ। ਅੱਜ ਮੋਰਚੇ ਦੀ ਸਟੇਜ ਤੋਂ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕਰੋ। ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਮੁਕਤ ਵਪਾਰ ਸਮਝੌਤੇ ਰੱਦ ਕਰੋ,ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕਰੋ,ਆਬਾਦਕਾਰਾਂ, ਸਾਬਕਾ ਮੁਜਾਰੇ ਕਿਸਾਨਾਂ ਸਮੇਤ ਦਹਾਕਿਆਂ ਤੋਂ ਕਾਸ਼ਤਕਾਰ ਤੁਰੇ ਆ ਰਹੇ ਕਿਸਾਨਾਂ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਓ,ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖਤਮ ਕਰੋ। ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ
ਇਸੇ ਤਰ੍ਹਾਂ ਕਿਸਾਨਾਂ, ਖੇਤ ਮਜ਼ਦੂਰ, ਵਾਤਾਵਰਨ ਪੱਖੀ ਅਤੇ ਕਾਰਪੋਰੇਟਾਂ ਤੇ ਜਗੀਰਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਓ ਤੇ ਲਾਗੂ ਕਰੋ,ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ/ਵਰਕਰਾਂ 'ਤੇ ਪਾਏ ਸਾਰੇ ਝੂਠੇ ਕੇਸ ਅਤੇ ਪਰਾਲੀ ਸਾੜਨ ਦੇ ਦਰਜ ਕੀਤੇ ਕੇਸ ਰੱਦ ਕਰੋ, ਸੂਬੇ ਅੰਦਰ ਸੰਘਰਸ਼ ਕਰਦੇ ਲੋਕਾਂ 'ਤੇ ਜਬਰ ਢਾਉਣਾ ਬੰਦ ਕਰੋ। ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਜਾਮਨੀ ਕਰੋ। ਝੂਠੇ ਪੁਲਿਸ ਮੁਕਾਬਲਿਆਂ ਨਾਲ ਜਮਹੂਰੀ ਤੇ ਮਨੁੱਖੀ ਅਧਿਕਾਰਾਂ ਦਾ ਦਮਨ ਬੰਦ ਕਰੋ। ਸਾਰੇ ਜਾਬਰ ਕਾਲੇ ਕਾਨੂੰਨ ਰੱਦ ਕਰੋ,ਪਿਛਲੇ ਸਾਲ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿਓ, ਹੜ੍ਹਾਂ ਦੀ ਰੋਕਥਾਮ ਲਈ ਡਰੇਨਾਂ-ਨਾਲਿਆਂ ਦੀ ਸਫ਼ਾਈ ਤੋਂ ਲੈ ਕੇ ਬੰਨ੍ਹ ਮਜਬੂਤ ਕਰਨ ਤੇ ਬੱਜਟ ਰਕਮਾਂ ਜਟਾਉਣ ਵਰਗੇ ਲੋੜੀਂਦੇ ਕਦਮ ਫੌਰੀ ਚੁੱਕੋ,ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕਰੋ,ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕੋ, ਤੇਲ, ਗੈਸ, ਖੰਡ, ਖਾਦਾਂ ਤੇ ਹੋਰਨਾਂ ਕੀਮਤਾਂ 'ਚ ਕੀਤੇ ਵਾਧੇ ਵਾਪਸ ਲਓ,ਬਹੁ ਕੌਮੀ ਸਾਮਰਾਜੀ ਕੰਪਨੀਆਂ, ਵੱਡੇ ਸਰਮਾਏਦਾਰਾਂ ਤੇ ਜਗੀਰਦਾਰਾਂ 'ਤੇ ਭਾਰੀ ਟੈਕਸ ਲਾਓ। ਲੋਕਾਂ ਤੋਂ ਟੈਕਸਾਂ ਦਾ ਭਾਰ ਘਟਾਓ| ਆਗੂਆਂ ਨੇ ਕਿਹਾ ਕਿ ਸਰਕਾਰੀ ਜਾਇਦਾਦਾਂ ਵੇਚਣਾ ਬੰਦ ਕਰੋ,ਸਾਰੀਆਂ ਫਸਲਾਂ 'ਤੇ ਸੀ 2+50% ਫਾਰਮੂਲੇ ਨਾਲ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉ। ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ (PDS) ਨੂੰ ਲਾਗੂ ਕਰੋ,ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਕੌਮਾਂਤਰੀ ਅਸੂਲਾਂ ਅਨੁਸਾਰ ਤੇ ਲੋਕਾਂ 'ਚ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕਰੋ। ਸੌੜੀਆਂ ਵੋਟ ਗਿਣਤੀਆਂ ਤਹਿਤ ਇਸ ਨੂੰ ਇਲਾਕਾਈ ਤੇ ਫਿਰਕੂ ਪਾਟਕਾਂ ਦਾ ਹੱਥਾ ਬਣਾਉਣਾ ਬੰਦ ਕਰੋ। ਦੇਸ਼ ਭਰ ਅੰਦਰ ਪਾਣੀ ਦੇ ਸੋਮਿਆਂ ਨੂੰ ਕੰਪਨੀਆਂ ਹਵਾਲੇ ਕਰਨ ਦੀ ਨੀਤੀ ਰੱਦ ਕਰੋ ਤੇ ਇਸ ਕੁਦਰਤੀ ਦਾਤ ਦੀ ਸੰਭਾਲ ਲਈ ਬੱਜਟ ਯਕੀਨੀ ਬਣਾਓ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਫਤਿਹ) ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਨੇ ਕਿਸਾਨਾਂ ਦੇ ਕਾਫਲੇ ਸਮੇਤ ਮੋਰਚੇ ਵਿੱਚ ਸ਼ਾਮਿਲ ਹੋ ਕੇ ਮੰਗਾਂ ਨੂੰ ਹਮਾਇਤ ਦਿੱਤੀ। ਅੱਜ ਦੇ ਇਕੱਠ ਨੂੰ ਜਗਸੀਰ ਸਿੰਘ ਝੁੰਬਾ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ ਪਿੱਥੋ, ਜਸਪਾਲ ਸਿੰਘ ਕੋਠਾ ਗੁਰੂ, ਜਸਕਰਨ ਸਿੰਘ ਕੋਟਗੁਰੂ, ਗੁਰਪਾਲ ਸਿੰਘ ਦਿਉਣ, ਬਲਦੇਵ ਸਿੰਘ ਚੌਕੇ, ਲਖਬੀਰ ਸਿੰਘ ਗਿੱਦੜ ਨੇ ਵੀ ਸੰਪੂਰਨ ਕੀਤਾ।