ਮੁਕਤਸਰ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਮੁਕਤਸਰ ਸਾਹਿਬ ਪੁਲਿਸ ਜਿੱਥੇ ਨਸ਼ਾ ਤਸਕਰਾਂ ਖਿਲਾਫ ਬਣਦੀ ਕਾਰਵਾਈ ਕਰ ਰਹੀ ਹੈ ਉਥੇ ਹੀ ਲੋਕਾਂ ਅਤੇ ਵਿਦਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਜਾਗਰੂਕਤਾ ਸੈਮੀਨਾਰ ਅਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ।ਸੈਮੀਨਾਰ ਵਿੱਚ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਇੰਦਰਜੀਤ ਕੌਰ, ਇੰਚਾਰਜ ਸੀ.ਪੀ.ਆਰ.ਸੀ., ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਅਤੇ ਏ.ਐਸ.ਆਈ. ਹਰਿਮੰਦਰ ਸਿੰਘ, ਇੰਚਾਰਜ ਅਵੇਅਰਨੈੱਸ ਟੀਮ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਕਾਲਜ ਦੇ ਵਿਦਆਰਥੀਆਂ ਅਤੇ ਸਟਾਫ਼ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਇਤ ਮੈਂਬਰਾਂ, ਸਮਾਜ ਸੇਵਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਭਾਗ ਲਿਆ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਸ੍ਰੀ ਬਚਨ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ, ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ ਜਾ ਰਿਹਾ ਹੈ ਅਤੇ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਮੁੜ ਸਧਾਰਨ ਜੀਵਨ ਵੱਲ ਲਿਆਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਪਰ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕ ਨਸ਼ਾ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 97791-00200 ਅਤੇ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਨੰਬਰ 80549-42100 ’ਤੇ ਬਿਨਾਂ ਕਿਸੇ ਡਰ ਦੇ ਸਾਂਝੀ ਕਰ ਸਕਦੇ ਹਨ।ਇਸ ਮੌਕੇ ਏ.ਐਸ.ਆਈ. ਨਾਇਬ ਸਿੰਘ ਨੂਰੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ ਪੇਸ਼ ਕੀਤਾ ਗਿਆ।ਇਸ ਮੌਕੇ ਮੁਰਾਰੀ ਲਾਲ ਮਾਸਟਰ, ਜਸਪ੍ਰੀਤ ਸਿੰਘ ਛਾਬੜਾ, ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ, ਏ.ਐਸ.ਆਈ. ਸੁਖਮਿੰਦਰ ਸਿੰਘ, ਹੋਲਦਾਰ ਗੁਰਮੀਤ ਸਿੰਘ, ਹੋਲਦਾਰ ਜਗਸੀਰ ਸਿੰਘ, ਹੋਲਦਾਰ ਸੁਖਪਾਲ ਸਿੰਘ ਅਤੇ ਹੋਲਦਾਰ ਗੁਰਸੇਵਕ ਸਿੰਘ ਸਮੇਤ ਹੋਰ ਹਾਜ਼ਰ ਸਨ।