ਗੁਲਜ਼ਾਰ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਬਠਿੰਡਾ ਕਾਂਗਰਸ ਵੱਲੋਂ ਪੁਤਲਾ ਫੂਕ ਮੁਜ਼ਾਹਰਾ
ਅਸ਼ੋਕ ਵਰਮਾ
ਬਠਿੰਡਾ ,11 ਸਤੰਬਰ 2026 : ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ਿਆਂ ਦੇ ਮੁੱਦੇ ਤੇ ਸਵਾਲ ਕਰਨ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਤੂਰ ਵਣਜਾਰਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੱਜ ਬਠਿੰਡਾ ਸ਼ਹਿਰੀ ਕਾਂਗਰਸ ਨੇ ਪੁਤਲਾ ਫੂਕ ਮੁਜ਼ਾਹਰਾ ਕਰਕੇ ਵਿੱਤ ਮੰਤਰੀ ਖਿਲਾਫ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ।ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ਼ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਾਮ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਗਈ ਕਿ ਦਰਜ ਮਾਮਲੇ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਸ਼ਾਮਿਲ ਕੀਤਾ ਜਾਵੇ। ਇਸ ਮੌਕੇ ਰਾਜਨ ਗਰਗ, ਅਸ਼ੋਕ ਕੁਮਾਰ, ਅਰੁਣ ਵਧਾਵਨ, ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦਾ ਹਾਲ ਮਾੜਾ ਹੈ ਅਤੇ ਸਵਾਲ ਕਰਨ ਵਾਲਿਆਂ ਨੂੰ ਜਵਾਬ ਦੇਣ ਦੀ ਥਾਂ ਪੁਲਿਸ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਗੁਲਜਾਰ ਸਿੰਘ ਨੇ ਖੁਦਕੁਸ਼ੀ ਕੀਤੀ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਵਿੱਚ ਵਿੱਤ ਮੰਤਰੀ ਨੂੰ ਬਚਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਮੰਤਰੀ ਮੰਡਲ ਚੋਂ ਬਰਖਾਸਤ ਕਰਕੇ ਪਰਚਾ ਦਰਜ ਕਰਕੇ ਗਿਰਫਤਾਰ ਕੀਤਾ ਜਾਵੇ।ਆਗੂਆਂ ਨੇ ਕਿਹਾ ਹੈ ਕਿ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਲੈ ਕੇ ਹਰ ਸੰਘਰਸ਼ ਕਰਨ ਲਈ ਸੜਕਾਂ ਤੇ ਆਏਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਤਰੀ ਮੰਡਲ ਵਿੱਚੋਂ ਖਜ਼ਾਨਾ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਉਦੋਂ ਤੱਕ ਟਿੱਕ ਕੇ ਨਹੀਂ ਬੈਠਿਆ ਜਾਵੇਗਾ। ਇਸ ਮੌਕੇ ਉਹਨਾਂ ਪੰਜਾਬੀਆਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਥ ਮਜਬੂਤ ਕਰਨ ਅਤੇ ਝਾੜੂ ਵਾਲਿਆਂ ਨੂੰ ਸਿਆਸਤ ਤੋਂ ਪਾਸੇ ਕਰਨ ਦੀ ਵੀ ਅਪੀਲ ਕੀਤੀ ।