ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਟਿਆਲਾ ਦੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਮੰਗਾਂ ਨਾ ਮੰਨਣ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਣ ਦੀ ਚੇਤਾਵਨੀ
ਪਟਿਆਲਾ 11 ਸਤੰਬਰ (ਗੁਰਪ੍ਰੀਤ ਸਿੰਘ ਜਖਵਾਲੀ)
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇੱਕ ਵਫ਼ਦ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਪਟਿਆਲਾ ਦੀ ਗੈਰ-ਮੌਜੂਦਗੀ ਵਿੱਚ ਸਹਾਇਕ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਦਲਿਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ।
ਵਫ਼ਦ ਨੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਮੰਡੌਰ ਦੇ ਮਜ਼ਦੂਰਾਂ ਦੇ 2 ਲੱਖ 70 ਹਜ਼ਾਰ ਰੁਪਏ ਡੀ.ਡੀ.ਪੀ.ਓ. ਵੱਲੋਂ ਪਿੰਡ ਦੇ ਧਨਾਢ ਚੌਧਰੀਆਂ ਨਾਲ ਮਿਲੀਭੁਗਤ ਕਰਕੇ ਦੱਬੇ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਵਾਪਸ ਕਰਵਾਇਆ ਜਾਵੇ। ਪਿੰਡ ਚੱਠੇ ਵਿੱਚ ਪੰਚਾਇਤੀ ਜ਼ਮੀਨ ਦਾ ਫੈਸਲਾ ਡਵੀਜ਼ਨਲ ਡਿਪਟੀ ਡਾਇਰੈਕਟਰ ਵੱਲੋਂ ਪੰਚਾਇਤ ਦੇ ਹੱਕ ਵਿੱਚ ਕੀਤੇ ਜਾਣ ਦੇ ਬਾਵਜੂਦ ਵੀ ਡੀ.ਡੀ.ਪੀ.ਓ. ਵੱਲੋਂ ਕਬਜ਼ਾ ਵਰੰਟ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤਾ ਜਾਵੇ।
ਇਸ ਤੋਂ ਇਲਾਵਾ ਪਿੰਡ ਕਾਲਵਾ ਵਿੱਚ ਰਿਜ਼ਰਵ ਜ਼ਮੀਨ ਦੀ ਬੋਲੀ ਦਲਿਤ ਮਜ਼ਦੂਰਾਂ ਦੇ ਨਾਮ ਹੋਣ ਅਤੇ ਉਨ੍ਹਾਂ ਵੱਲੋਂ ਪੂਰੀ ਰਕਮ ਭਰਨ ਦੇ ਬਾਅਦ ਵੀ ਜ਼ਮੀਨ ਦਾ ਕਬਜ਼ਾ ਨਹੀਂ ਦਵਾਇਆ ਗਿਆ; ਕਮੇਟੀ ਨੇ ਮੰਗ ਕੀਤੀ ਕਿ ਨਜਾਇਜ਼ ਕਬਜ਼ਾ ਕਰਨ ਵਾਲੇ ਧਨਾਢਾਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਮਜ਼ਦੂਰਾਂ ਨੂੰ ਕਬਜ਼ਾ ਦਿਵਾਇਆ ਜਾਵੇ। ਪਿੰਡ ਹਰੀਗੜ੍ਹ ਵਿੱਚ ਪੰਜ-ਪੰਜ ਮਰਲੇ ਦੇ ਪਲਾਟਾਂ ਦਾ ਮਤਾ ਪਾਸ ਹੋਣ ਦੇ ਬਾਵਜੂਦ ਪ੍ਰਸ਼ਾਸਨਿਕ ਟਾਲ-ਮਟੋਲ ਬੰਦ ਕਰਕੇ ਦਲਿਤ ਪਰਿਵਾਰਾਂ ਨੂੰ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇ ਅਤੇ ਪਿੰਡ ਬਨੇਰਾ ਕਲਾਂ ਵਿੱਚ ਰਿਜ਼ਰਵ ਜ਼ਮੀਨ ਦੀ ਗਲਤ ਤਰੀਕੇ ਨਾਲ ਕੀਤੀ ਬੋਲੀ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਧਰਮਵੀਰ ਹਰੀਗੜ੍ਹ ਨੇ ਪ੍ਰਸ਼ਾਸਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਇਸ ਵਾਰ ਪ੍ਰਸ਼ਾਸਨ ਨੇ ਇਨ੍ਹਾਂ ਮੰਗਾਂ 'ਤੇ ਕੋਈ ਠੋਸ ਕਾਰਵਾਈ ਨਾ ਕੀਤੀ, ਤਾਂ ਕਮੇਟੀ ਦੁਬਾਰਾ ਕੋਈ ਮੰਗ ਪੱਤਰ ਦੇਣ ਦੀ ਬਜਾਏ ਡੀ.ਸੀ. ਦਫ਼ਤਰ ਪਟਿਆਲਾ ਅੱਗੇ ਵਿਸ਼ਾਲ ਧਰਨਾ ਦੇਵੇਗੀ, ਜਿਸ ਤੋਂ ਨਿਕਲਣ ਵਾਲੇ ਹਰ ਸਿੱਟੇ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਪ੍ਰੀਤ ਸਿੰਘ,ਲਖਵੀਰ ਸਿੰਘ,ਪਰਮਜੀਤ ਸਿੰਘ, ਪਰਗਟ ਸਿੰਘ, ਮੋਹਨ ਸਿੰਘ, ਭਗਵਾਨ ਸਿੰਘ ਬਹਾਦਰ ਸਿੰਘ, ਅਮਰੀਕ ਸਿੰਘ ਹਾਜ਼ਰ ਰਹੇ ।